ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਦੂਜੇ ਦਿਨ ਵੀ ਹੜਤਾਲ ਜਾਰੀ
ਫ਼ਾਜ਼ਿਲਕਾ ਬੱਸ ਸਟੈਂਡ ’ਤੇ ਪੂਰੀ ਤਰ੍ਹਾਂ ਠੱਪ ਰਹੀਆਂ ਬੱਸਾਂ, ਯਾਤਰੀ ਪ੍ਰੇਸ਼ਾਨ
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢੀ ਗਈ ਅਣਮਿਥੇ ਸਮੇਂ ਦੀ ਹੜਤਾਲ ਦੂਜੇ ਦਿਨ ਵੀ ਪੂਰੇ ਜ਼ੋਰਾਂ ’ਤੇ ਰਹੀ। ਫ਼ਾਜ਼ਿਲਕਾ ਬੱਸ ਸਟੈਂਡ ’ਤੇ ਹੜਤਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ, ਜਿੱਥੇ ਰੋਡਵੇਜ਼ ਅਤੇ ਪਨਬਸ ਦੀਆਂ ਬੱਸਾਂ ਦਾ ਆਵਾਜਾਈ ਪੂਰੀ ਤਰ੍ਹਾਂ ਠੱਪ ਰਿਹਾ। ਬੱਸ ਸਟੈਂਡ ’ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਪਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬੱਸਾਂ ਦੀ ਗਿਣਤੀ ਵਧਾਉਣ, ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਕਰਨ ਅਤੇ ਨਿੱਜੀਕਰਨ ਦੀ ਨੀਤੀ ਨੂੰ ਰੋਕਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦੇਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੜਤਾਲ ਦਾ ਰਾਹ ਚੁਣਨਾ ਪਿਆ। ਹੜਤਾਲ ਦੇ ਦੂਜੇ ਦਿਨ ਵੀ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਆਮ ਜਨਤਾ, ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ। ਫ਼ਾਜ਼ਿਲਕਾ ਬੱਸ ਸਟੈਂਡ ’ਤੇ ਪਹੁੰਚ ਰਹੇ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਨਿੱਜੀ ਬੱਸਾਂ ਜਾਂ ਹੋਰ ਸਾਧਨਾਂ ਦਾ ਸਹਾਰਾ ਲੈਣਾ ਪਿਆ, ਜਿਸ ਕਾਰਨ ਨਿੱਜੀ ਬੱਸਾਂ ਵਿਚ ਵੀ ਭਾਰੀ ਭੀੜ ਦੇਖਣ ਨੂੰ ਮਿਲੀ। ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।