ਜੀ.ਏ.ਵੀ. ਜੈਨ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਤੇ ਰੈਲੀ ਰਾਹੀਂ ਦਿੱਤਾ ਨਸ਼ਾ ਮੁਕਤੀ ਦਾ ਸੰਦੇਸ਼
ਫ਼ਾਜ਼ਿਲਕਾ, 11 ਅਗਸਤ (ਅਮਰਜੀਤ ਸ਼ਰਮਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਜੀ. ਏ.
ਫ਼ਾਜ਼ਿਲਕਾ, 11 ਅਗਸਤ (ਅਮਰਜੀਤ ਸ਼ਰਮਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਜੀ.ਏ.ਵੀ.ਜੈਨ ਆਦਰਸ਼ ਸਕੂਲ ਵਲੋਂ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਹਿਰ ਦੇ ਇਤਿਹਾਸਕ ਘੰਟਾਘਰ ਚੌਕ ਵਿਖੇ ਨਸ਼ਾ ਵਿਰੋਧੀ ਨੁੱਕੜ ਨਾਟਕ ਪੇਸ਼ ਕੀਤਾ ਅਤੇ ਇਸ ਉਪਰੰਤ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਜਾਗਰੂਕਤਾ ਰੈਲੀ ਕੱਢੀ। ਇਹ ਸਮਾਗਮ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਦਕਿ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਪ੍ਰੋਗਰਾਮ ਦੀ ਅਗਵਾਈ ਅਤੇ ਸੰਚਾਲਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਪੁਲਿਸ ਫ਼ਾਜ਼ਿਲਕਾ ਸਬ-ਡਿਵੀਜ਼ਨ ਦੇ ਡੀ.ਐੱਸ.ਪੀ. ਬੀ.ਐੱਸ. ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਘੰਟਾਘਰ ਚੌਕ ਵਿਖੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਕਾਰਨ ਵਿਅਕਤੀ ਦੀ ਸਿਹਤ, ਪਰਿਵਾਰ ਅਤੇ ਭਵਿੱਖ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਨਾਟਕ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਅਤੇ ਰਾਹਗੀਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਨੁੱਕੜ ਨਾਟਕ ਤੋਂ ਬਾਅਦ ਸਕੂਲ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਵਿਚ ਹਿੱਸਾ ਲਿਆ। ਡੀ.ਐੱਸ.ਪੀ.ਬੀ.ਐੱਸ. ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਦਿਆਰਥੀਆਂ, ਮਾਪਿਆਂ ਅਤੇ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਮਾਜਿਕ ਬੁਰਾਈਆਂ ਖ਼ਿਲਾਫ਼ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।