ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ
ਫ਼ਾਜ਼ਿਲਕਾ, 24 ਸਤੰਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਕੁਲਵੰਤ ਸਿੰਘ ਵਲੋਂ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮ
ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
25-09-2026
ਫ਼ਾਜ਼ਿਲਕਾ, 24 ਸਤੰਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਕੁਲਵੰਤ ਸਿੰਘ ਵਲੋਂ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ.ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਨਿਰਧਾਰਿਤ ਖੇਤਰਾਂ ਵਿਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਸਬੰਧੀ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ ਤੇ ਪਰਾਲੀ ਨੂੰ ਖੇਤ ਵਿਚ ਹੀ ਮਿਲਾਉਣ ਜਾਂ ਇਸ ਦੀ ਸੁਚੱਜੀ ਵਰਤੋਂ ਲਈ ਉਪਲਬਧ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਡਾ. ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ, ਵਾਤਾਵਰਨ ਤੇ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਤੇ ਉਨ੍ਹਾਂ ਨੂੰ ਵਿਹਾਰਕ ਵਿਕਲਪ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਮੀਟਿੰਗ ਦੌਰਾਨ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਖੇਤਾਂ ਦੀ ਨਿਗਰਾਨੀ ਕਰਨ, ਕਿਸਾਨਾਂ ਨਾਲ ਸੰਪਰਕ ਵਧਾਉਣ ਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਯਮਿਤ ਰਿਪੋਰਟਿੰਗ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗੀ ਟੀਮਾਂ ਵਲੋਂ ਪੂਰੀ ਤਨਦੇਹੀ ਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾਵੇ।