ਖੇਤੀਬਾੜੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀਆਂ ਸਖ਼ਤ ਹਦਾਇਤਾਂ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖੇਤਾਂ ਵਿਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸੁਵਿਧਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖੇਤਾਂ ਵਿਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸੁਵਿਧਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਤਾਇਨਾਤ ਕਲੱਸਟਰ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿਚ ਸਰਗਰਮੀ ਨਾਲ ਕੰਮ ਕਰਨ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਣ। ਉਨ੍ਹਾਂ ਕਲੱਸਟਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਿਤ ਸੀਨੀਅਰ ਅਧਿਕਾਰੀਆਂ, ਖ਼ਾਸ ਕਰਕੇ ਐੱਸ.ਡੀ.ਐੱਮਜ਼ ਨਾਲ ਲਗਾਤਾਰ ਤਾਲਮੇਲ ਬਣਾ ਕੇ ਖੇਤਰੀ ਪੱਧਰ ’ ਤੇ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਪਿੰਡਾਂ ਵਿਚ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਐੱਸ.ਡੀ.ਐੱਮ.ਜਲਾਲਾਬਾਦ ਨਾਲ ਰਾਬਤਾ ਕਰਕੇ ਤ੍ਰਿਪਾਲਕੇ ਪਿੰਡ ਵਿਖੇ ਪਰਾਲੀ ਸਟੋਰੇਜ ਲਈ ਜ਼ਮੀਨ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਹੋਰ ਸਹੂਲਤਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਿਸਾਨਾਂ ਤੱਕ ਸਰਕਾਰੀ ਹਦਾਇਤਾਂ ਅਤੇ ਪਰਾਲੀ ਪ੍ਰਬੰਧਨ ਦੇ ਬਦਲਾਂ ਦੀ ਜਾਣਕਾਰੀ ਸਮੇਂ ਸਿਰ ਪਹੁੰਚੇ। ਮੀਟਿੰਗ ਦੌਰਾਨ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦੇਣ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਕਿਸਾਨਾਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਅਜਿਹੀ ਸਥਿਤੀ ਪੈਦਾ ਨਾ ਹੋਣ ਦਿੱਤੀ ਜਾਵੇ ਜਿਸ ਕਾਰਨ ਕਿਸਾਨ ਆਪਣੇ ਆਪ ਨੂੰ ਪ੍ਰੇਸ਼ਾਨ ਮਹਿਸੂਸ ਕਰਨ। ਡਿਪਟੀ ਕਮਿਸ਼ਨਰ ਨੇ ਝੋਨੇ/ਕਣਕ ਦੀ ਖ਼ਰੀਦ ਸਬੰਧੀ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਅਤੇ ਕਿਸਾਨ ਹਿਤਾਂ ਨੂੰ ਸਭ ਤੋਂ ਉੱਪਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਅਤੇ ਖ਼ਰੀਦ ਪ੍ਰਬੰਧਾਂ ਦੋਵਾਂ ਮਾਮਲਿਆਂ ਵਿਚ ਪ੍ਰਸ਼ਾਸਨ ਦਾ ਉਦੇਸ਼ ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਉਨ੍ਹਾਂ ਲਈ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ.ਕੁਲਵੰਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।