1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਦਿੱਤੇ ਰਾਜ ਪੱਧਰੀ ਸੱਦੇ ਤਹਿਤ ਐਮ. ਆਰ.
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਦਿੱਤੇ ਰਾਜ ਪੱਧਰੀ ਸੱਦੇ ਤਹਿਤ ਐਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ, ਰਾਜਨੀਤਿਕ ਕਾਰਕੁਨਾਂ ਅਤੇ ਵਿਚਾਰ ਅਧੀਨ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਾਲਜ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਮਤਾ ਲਾਧੂਕਾ, ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ ਅਤੇ ਉਪ-ਪ੍ਰਧਾਨ ਜਸਵਿੰਦਰ ਲਾਧੂਕਾ ਨੇ ਆਖਿਆ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਅੱਜ ਵੀ ਸ਼ਰੇਆਮ ਘੁੰਮ ਰਹੇ ਹਨ। ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ 42 ਸਾਲਾਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਲੋਕਪੱਖੀ ਆਵਾਜ਼ਾਂ ਨੂੰ ਦਬਾਉਣ ਲਈ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਵਿਦਿਆਰਥੀਆਂ ’ਤੇ ਝੂਠੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਦਿੱਲੀ ਦੇ ਵਿਦਿਆਰਥੀ ਨੇਤਾ ਉਮਰ ਖ਼ਾਲਿਦ ਸਮੇਤ ਕਈ ਆਗੂਆਂ ਨੂੰ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਰੱਖਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸ.ਆਈ.ਆਰ. ਦੇ ਨਾਂ ’ਤੇ ਲੱਖਾਂ ਵੋਟਰਾਂ ਦੇ ਨਾਂ ਵੋਟਰ ਸੂਚੀ ਵਿਚੋਂ ਕੱਢ ਕੇ ਉਨ੍ਹਾਂ ਤੋਂ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ, ਜੋ ਕਿ ਸਿੱਧੇ ਤੌਰ ’ਤੇ ਲੋਕਤੰਤਰ ਦਾ ਕਤਲ ਹੈ। ਆਗੂਆਂ ਨੇ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਸਾਜਨ ਸਿੰਘ, ਰਮਨਦੀਪ ਸਿੰਘ, ਗੈਵੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ, ਵਕੀਲ, ਰਮਨਦੀਪ ਕੌਰ, ਸੋਨੀਆ ਰਾਣੀ, ਸਰਬਜੀਤ ਕੌਰ, ਨੀਸ਼ੂ, ਕ੍ਰਿਸ਼ਨਾ, ਰਮਨ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।