ਜ਼ਿਲ੍ਹੇ ’ਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ.
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿੱਕਰੀ ਅਤੇ ਸਟਾਕ ਕਰਨ ’ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫ਼ਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 31 ਦਸੰਬਰ ਤੱਕ ਲਾਗੂ ਰਹੇਗੀ । ਇਹ ਹੁਕਮ ਸਿਵਲ ਸਰਜਨ ਫ਼ਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਕੈਪਸੂਲ ਦੀ ਵਿੱਕਰੀ ’ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ, ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੈਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੈਗਾਬਾਲਿਨ 75 ਐਮ.ਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੈਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ, ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ’ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ , ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੈਸੀਆਂ ਵਾਲੇ ਸਲਿਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੈਗਾਬਾਲਿਨ ਕੈਪਸੂਲ, ਟੇਬਲੇਟ ਦੀ ਅਸਲ ਸਲਿਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ, ਕੈਪਸੂਲ ਦੀ ਗਿਣਤੀ ਸਲਿਪ ’ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ। ਹੁਕਮ ਦੀ ਕਿਸੇ ਵੀ ਉਲੰਘਣਾ ’ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।