ਅਬੋਹਰ ਦੇ ਪਿੰਡ ਸ਼ੇਰਗੜ੍ਹ ’ਚ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
ਅਬੋਹਰ, 12 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸ਼ੇਰਗੜ੍ਹ ਵਿਖੇ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਪੱਟੀ ਸਦੀਕ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ‘ਨਰ ਸੇਵਾ ਨਰਾਇਣ ਸੇਵਾ ਸੰਮਤੀ’ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਵਾ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ।
ਅਬੋਹਰ, 12 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸ਼ੇਰਗੜ੍ਹ ਵਿਖੇ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਪੱਟੀ ਸਦੀਕ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ‘ਨਰ ਸੇਵਾ ਨਰਾਇਣ ਸੇਵਾ ਸੰਮਤੀ’ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਵਾ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਿੰਡ ਸ਼ੇਰਗੜ੍ਹ ਕੋਲ ਲੰਬੀ ਮਾਈਨਰ ਦੀਆਂ ਟੇਲਾਂ ’ਤੇ ਪਾਣੀ ਵਿਚ ਔਰਤ ਦੀ ਲਾਸ਼ ਫਸੀ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਤੁਰੰਤ ਸਾਥੀਆਂ ਸਮੇਤ ਮੌਕੇ ’ਤੇ ਪਹੁੰਚ ਕੇ ਪੱਟੀ ਸਦੀਕ ਚੌਕੀ ਪੁਲਿਸ ਨੂੰ ਇਤਲਾਹ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਪਣੀ ਟੀਮ ਨਾਲ ਪਹੁੰਚੇ ਅਤੇ ਕਾਫ਼ੀ ਮਸ਼ੱਕਤ ਮਗਰੋਂ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾ ਦੀ ਉਮਰ ਕਰੀਬ 30 ਤੋਂ 32 ਸਾਲ ਦੇ ਵਿਚਕਾਰ ਜਾਪਦੀ ਹੈ ਅਤੇ ਉਸ ਨੇ ਹਰੇ ਰੰਗ ਦਾ ਬੂਟੇਦਾਰ ਸੂਟ ਪਾਇਆ ਹੋਇਆ ਹੈ। ਲਾਸ਼ ਦੀ ਹਾਲਤ ਦੇਖ ਕੇ ਇਸ ਦੇ 2 ਤੋਂ 3 ਦਿਨ ਪੁਰਾਣੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸੰਮਤੀ ਨੇ ਆਸ-ਪਾਸ ਦੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਪਰਿਵਾਰ ਦੀ ਕੋਈ ਔਰਤ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਹੈ ਤਾਂ ਉਹ ਪੁਲਿਸ ਜਾਂ ਸੰਮਤੀ ਮੈਂਬਰਾਂ ਨਾਲ ਸੰਪਰਕ ਕਰੇ। ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਪੁਲਿਸ ਵਲੋਂ ਔਰਤ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।