ਸ਼ਿਵਾਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ (ਪੱਛਮੀ) ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ।
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ (ਪੱਛਮੀ) ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਜਿਸ ਦੌਰਾਨ ਉਨ੍ਹਾਂ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ, ਚੰਗੇ ਸੰਸਕਾਰਾਂ ਅਤੇ ਜੀਵਨ ਵਿਚ ਮਿਹਨਤ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਨੇ ਗੀਤਾਂ ਅਤੇ ਨਾਚ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਖ਼ਾਸ ਤੌਰ ’ਤੇ ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਸੰਗੀਤ ਦੀਆਂ ਧੁਨਾਂ ’ਤੇ ਨੱਚ ਕੇ ਖ਼ੂਬ ਰੌਣਕਾਂ ਲਾਈਆਂ। ਇਸ ਤੋਂ ਇਲਾਵਾ ਰਿਸੈੱਸ ਦੌਰਾਨ ਲੰਚ ਸ਼ੇਅਰਿੰਗ ਗਤੀਵਿਧੀ ਕਰਵਾਈ ਗਈ, ਜਿਸ ਰਾਹੀਂ ਵਿਦਿਆਰਥੀਆਂ ਨੇ ਆਪਸੀ ਪਿਆਰ, ਸਾਂਝ ਅਤੇ ਮਿਲਵਰਤਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਖ਼ੁਸ਼ੀ, ਸਿੱਖਿਆ ਤੇ ਸਰਵਪੱਖੀ ਵਿਕਾਸ ਹੀ ਸਮਾਜ ਦੀ ਅਸਲ ਤਰੱਕੀ ਦਾ ਆਧਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਐਡਵੋਕੇਟ ਅਰਜਿੰਦਰ ਕੰਬੋਜ ਅਤੇ ਮੈਨੇਜਰ ਸੁਕੇਸ਼ ਮੋਂਗਾ ਨੇ ਵੀ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।