ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਜ਼ੀਫ਼ਾ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਈ.ਓ ਅਜੇ ਕੁਮਾਰ ਸ਼ਰਮਾ
ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐੱਸ. ਸੀ.
ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐੱਸ.ਸੀ.ਈ.ਆਰ.ਟੀ.ਪੰਜਾਬ ਰਾਹੀਂ ਲਈ ਜਾ ਰਹੀ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ 22 ਨਵੰਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕਰਵਾਈ ਜਾਵੇਗੀ। ਇਨ੍ਹਾਂ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਲਈ ਸਿੱਖਿਆ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਜੇ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਸ਼ਮੀਰੀ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੁੱਲ 15 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿਚ ਤਹਿਸੀਲ ਫ਼ਾਜ਼ਿਲਕਾ ’ਚ 5, ਤਹਿਸੀਲ ਅਬੋਹਰ ’ਚ 7 ਅਤੇ ਤਹਿਸੀਲ ਜਲਾਲਾਬਾਦ ਵਿਚ 3 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਕੁੱਲ 5727 ਪ੍ਰੀਖਿਆਰਥੀ ਆਪਣੀ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਆਪਕਾਂ ਵਲੋਂ ਪ੍ਰੀਖਿਆ ਦੀ ਬਿਹਤਰ ਤਿਆਰੀ ਕਰਵਾਈ ਗਈ ਹੈ ਅਤੇ ਵਿਦਿਆਰਥੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਪ੍ਰੀਖਿਆ ਕੋਆਰਡੀਨੇਟਰ ਵਿਵੇਕ ਅਨੇਜਾ ਨੇ ਦੱਸਿਆ ਕਿ ਪ੍ਰੀਖਿਆ ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਰੇ ਵਿਦਿਆਰਥੀਆਂ ਦੀ ਪ੍ਰੀਖਿਆ ਵਿਚ ਹਾਜ਼ਰੀ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀ ਪ੍ਰੀਖਿਆ ਵਿਚ ਸਫਲ ਹੋ ਕੇ ਵਜ਼ੀਫ਼ੇ ਦਾ ਲਾਭ ਪ੍ਰਾਪਤ ਕਰ ਸਕਣ।