27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ ਤੇ ਕੰਟਰੈਕਟ ਇੰਸਟਰਕਟਰਾਂ ਵਲੋਂ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ’ਤੇ ਧਰਨੇ ਦਾ ਐਲਾਨ

ਫ਼ਾਜ਼ਿਲਕਾ, 27 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦੀਆਂ ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 28-11-2026
ਫ਼ਾਜ਼ਿਲਕਾ, 27 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਆਲ ਪੰਜਾਬ 05 ਸਕੀਮਾਂ ਅਧੀਨ ਕੰਮ ਕਰ ਰਹੇ ਗੈੱਸਟ ਫੈਕਲਟੀ ਅਤੇ ਠੇਕਾ ਆਧਾਰਿਤ ਇੰਸਟਰਕਟਰਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵਲੋਂ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਕੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਮੰਗਾਂ ਸਬੰਧੀ ਲਿਖਤੀ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦੀ ਸੂਰਤ ਵਿਚ ਕਲਾਸਾਂ ਦਾ ਬਾਈਕਾਟ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੰਤਰੀਆਂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 5 ਅਕਤੂਬਰ 2026 ਨੂੰ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ਸਬ-ਕਮੇਟੀ ਦੇ ਇੰਚਾਰਜ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਵੀ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਮੰਗਾਂ ਸਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਕਾਰਨ ਗੈੱਸਟ ਫੈਕਲਟੀ ਇੰਸਟਰਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਭਵਿੱਖ ਅਤੇ ਸੇਵਾ ਸੁਰੱਖਿਆ ਸਬੰਧੀ ਕੋਈ ਸਪਸ਼ਟ ਫ਼ੈਸਲਾ ਨਾ ਲੈਣ ਕਾਰਨ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਆਗੂਆਂ ਅਨੁਸਾਰ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਬੇਸਿਕ ਤਨਖ਼ਾਹ ਦੇਣਾ, ਇੰਸਟਰਕਟਰਾਂ ਨੂੰ ਵਿਭਾਗ ਅਧੀਨ ਲਿਆਉਣਾ ਅਤੇ ਸੇਵਾ ਸੁਰੱਖਿਆ ਯਕੀਨੀ ਬਣਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਸਬੰਧੀ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਅਮਲੀ ਕਦਮ ਨਹੀਂ ਚੁੱਕਿਆ ਗਿਆ। ਯੂਨੀਅਨ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਸਬੰਧੀ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ ਜਾਵੇਗਾ ਅਤੇ ਲੋੜ ਪੈਣ ’ਤੇ ਇਸ ਧਰਨੇ ਨੂੰ ਪੱਕੇ ਧਰਨੇ ਵਿਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ ਅਤੇ ਵਾਈਸ ਪ੍ਰਧਾਨ ਸਿਮਰਨਜੀਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਆਂ ਉਮੀਦਾਂ ਦਾ ਸੰਚਾਰ : ਪਟੇਲ ਕੁਮਾਰ ਘੁੱਲਾ ਅਗਲੀ ਖ਼ਬਰ 7.14 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24