ਅੰਮਿ੍ਤਸਰ, 1 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਵੇਂ ਸਾਲ 2026 ਦੀ ਸ਼ੁਰੂਆਤ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸੂਬੇ 'ਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ | ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਦੇ ਦਰ 'ਤੇ ਅਰਦਾਸ ਕੀਤੀ ਕਿ ਹੈ ਕਿ ਨਵਾਂ ਸਾਲ ਪੰਜਾਬ ਲਈ ਖੁਸ਼ਹਾਲੀ, ਸ਼ਾਂਤੀ ਅਤੇ ਏਕਤਾ ਦਾ ਸੁਨੇਹਾ ਲੈ ਕੇ ਆਵੇ | ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ 'ਤੇ ਗੱਲ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ, ਜਿਸ ਲਈ ਪੁਲਿਸ ਪ੍ਰਸ਼ਾਸਨ ਨੇ ਸੰਗਤ ਦੇ ਸੰਘਰਸ਼ ਨੂੰ ਦੇਖਦੇ ਹੋਏ 16 ਲੋਕਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ | ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਜਿੰਮੇਵਾਰੀ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਅਤੇ ਕਿਸੇ ਨਾਲ ਵੀ ਅਨਿਆਂ ਨਾ ਹੋਣ ਦੇਣ ਦੀ ਹੈ | ਉਨ੍ਹਾਂ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ | ਸ: ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ | ਉਨ੍ਹਾਂ ਸੁਆਲ ਦਾ ਜੁਆਬ ਦਿੰਦੇ ਹੋਏ ਕਿਹਾ ਕਿ ਉਕਤ ਮਾਮਲੇ 'ਚ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾ ਰਹੀ ਹੈ |
ਨਵੇਂ ਸਾਲ ਦੀ ਆਮਦ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅਜੀਤ ਡੈਸਕ
02-01-2026