ਸੁਲਤਾਨਵਿੰਡ, 6 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਅੰਮਿ੍ਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ ਨੂੰ ਨਸ਼ਿਆਂ ਵਿਰੁੱਧ ਕੀਤੀਆਂ ਗਈਆਂ ਸਖਤ ਹਦਾਇਤਾਂ 'ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਮੌਕੇ ਜਾਣਾਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜੀਵਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਨੇ ਪਿੰਡ ਸੁਲਤਾਨਵਿੰਡ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਸੀ | ਉਨ੍ਹਾਂ ਦੱਸਿਆ ਕਿ ਜਦੋਂ ਇਸ ਦੀ ਤਲਾਸ਼ੀ ਲਈ ਗਈ ਤਾਂ ਇਸ ਨੌਜਵਾਨ ਕੋਲ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ |
ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਅਕਾਸ਼ਦੀਪ ਸਿੰਘ ਲਾਚੀ ਪੁੱਤਰ ਲਖਬੀਰ ਸਿੰਘ ਵਾਸੀ ਛੇ ਵਾਰਡ ਪੰਡੋਰਾ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ | ਇਸ ਮੌਕੇ ਏ. ਐੱਸ. ਆਈ. ਬਿਕਰਮਜੀਤ ਸਿੰਘ, ਏ. ਐੱਸ. ਆਈ. ਅਵਤਾਰ ਸਿੰਘ ਅਤੇ ਸਿਪਾਹੀ ਦਲਜੀਤ ਸਿੰਘ ਆਦਿ ਹਾਜ਼ਰ ਸਨ |
7 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਅਜੀਤ ਡੈਸਕ
07-01-2026