ਅਟਾਰੀ ਸਰਹੱਦ, 6 ਜਨਵਰੀ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਅਤੇ ਡੀ. ਜੀ. ਪੀ. ਪੰਜਾਬ ਵਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਅਮਲ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਿਲ ਕਰਕੇ 3 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ | ਪੁਲਿਸ ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਦੱਸਿਆ ਗਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਹਰਮਨਪ੍ਰੀਤ ਸਿੰਘ ਅਤੇ ਅਨਮੋਲ ਸਿੰਘ ਦੋਵੇਂ ਰਲ ਕੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਇਧਰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਪਲਾਈ ਕਰਦੇ ਹਨ | ਜੋ ਇਨ੍ਹਾਂ ਵਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਇਹ ਦੋਵੇਂ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ 'ਤੇ ਸਵਾਰ ਹੋ ਕੇ ਜਾ ਰਹੇ ਹਨ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਉਕਤ ਦੋਵਾਂ ਹਰਮਨਪ੍ਰੀਤ ਸਿੰਘ ਅਤੇ ਅਨਮੋਲ ਸਿੰਘ ਨੂੰ 3 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ | ਮਾਨਾਂਵਾਲਾ ਤੋਂ ਗੁਰਦੀਪ ਸਿੰਘ ਨਾਗੀ ਅਨੁਸਾਰ ਪੁਲਿਸ ਲਾਈਨ ਅੰਮਿ੍ਤਸਰ ਦਿਹਾਤੀ (ਦੋਬੁਰਜੀ) ਵਿਖੇ ਪ੍ਰੈੱਸ ਕਾਨਫਰੰਸ ਵਿਚ ਗੱਲਬਾਤ ਕਰਦਿਆਂ ਡੀ.ਐਸ.ਪੀ. ਅਟਾਰੀ ਨੇ ਯਾਦਵਿੰਦਰ ਸਿੰਘ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 08 ਮਿਤੀ 05.01.2026 ਜੁਰਮ 21-ਸੀ/25/29/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਡੀ. ਐੱਸ. ਪੀ. ਅਟਾਰੀ ਯਾਦਵਿੰਦਰ ਸਿੰਘ ਨੇ ਕਿ ਥਾਣਾ ਘਰਿੰਡਾ ਪੁਲਿਸ ਵਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਸੰਪਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਭਾਰਤੀ ਸਰਹੱਦ ਤੋਂ 18 ਕਰੋੜ ਦੀ 3 ਕਿਲੋ ਹੈਰੋਇਨ ਸਮੇਤ 2 ਤਸਕਰ ਗਿ੍ਫ਼ਤਾਰ
ਅਜੀਤ ਡੈਸਕ
07-01-2026