ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਇਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਝੰਡਾ ਲਹਿਰਾਉਣਗੇ | ਡਿਪਟੀ ਕਮਿਸ਼ਨਰ ਸ: ਦਲਵਿੰਦਰ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਬੀਤੇ ਦਿਨ ਇਥੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਡੀ. ਸੀ. ਸ: ਦਲਵਿੰਦਰਜੀਤ ਸਿੰਘ ਵਲੋਂ ਰਿਹਰਸਲ ਦੌਰਾਨ ਪਰੇਡ ਦਾ ਮੁਆਇਨਾ ਕੀਤਾ ਗਿਆ | ਪਰੇਡ ਕਮਾਂਡਰ ਸ੍ਰੀ ਪਾਰਸ ਗਰਗ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਔਰਤ-ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਤੇ ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ | ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਸ: ਸ਼ੇਰਜੰਗ ਸਿੰਘ ਹੁੰਦਲ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਸਵੇਰੇ 9-30 ਵਜੇ ਸ਼ੁਰੂ ਹੋਵੇਗਾ ਅਤੇ ਪੱਤਰਕਾਰਾਂ ਦਾ ਦਾਖਲਾ ਏ. ਜੀ. ਏ. ਕਲੱਬ ਰਾਹੀਂ ਹੋਵੇਗਾ | ਸੁਰਖਿਆ ਕਾਰਨਾਂ ਕਰਕੇ ਇਸ ਵਾਰ ਕੇਵਲ ਪੀਲਾ ਕਾਰਡ ਤੇ ਗੁਲਾਬੀ ਕਾਰਡ ਧਾਰਕ ਪੱਤਰਕਾਰਾਂ ਨੂੰ ਹੀ ਕਵਰੇਜ਼ ਕਰਨ ਲਈ ਦਾਖਲਾ ਮਿਲ ਸਕੇਗਾ |