ਮਾਨਾਂਵਾਲਾ, 2 ਫਰਵਰੀ (ਗੁਰਦੀਪ ਸਿੰਘ ਨਾਗੀ)-ਅੱਜ ਸੁਪਰੀਮ ਕੋਰਟ ਵਲੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਜਿਥੇ ਸੱਚਾਈ ਦੀ ਜਿੱਤ ਹੋਈ ਹੈ ਉਥੇ ਪੰਜਾਬ ਦੀ ਆਪ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵੀ ਪ੍ਰਤੱਖ ਪ੍ਰਮਾਣ ਮਿਲਿਆ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਰਕਲ ਦਿਹਾਤੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ | ਸੁਰਿੰਦਰਪਾਲ ਸਿੰਘ ਨੇ ਆਖਿਆ ਕਿ ਸ. ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਨਵੀਂ ਫੂਕੀ ਗਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿਚ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਤੇ ਜਨਤਾ ਦਾ ਧਿਆਨ ਭਟਕਾਉਣ ਲਈ ਸ. ਮਜੀਠੀਆ ਨੂੰ ਝੂਠੇ ਕੇਸਾਂ ਵਿਚ ਉਲਝਾ ਕੇ ਲੰਬਾ ਸਮਾਂ ਜੇਲ੍ਹ ਵਿਚ ਬੰਦ ਰੱਖਿਆ ਪਰ ਆਪ ਸਰਕਾਰ ਦੀਆਂ ਅਜਿਹੀਆਂ ਕੋਝੀਆ ਚਾਲਾਂ ਤੋਂ ਲੋਕ ਭਲੀ ਭਾਂਤ ਜਾਣੂੰ ਹਨ ਤੇ ਹੁਣ ਲੋਕ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿਚ ਨਹੀਂ ਫੱਸਣਗੇ | ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਪ੍ਰਗਟ ਸਿੰਘ, ਸਰਬਜੀਤ ਸਿੰਘ ਜੰਡ, ਸਿੰਦਰ ਸਿੰਘ, ਬਿੰਦਰ ਸਿੰਘ, ਜਸਬੀਰ ਸਿੰਘ ਰਾਜੂ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਨਵਜਿੰਦਰ ਸਿੰਘ ਨਵੀ, ਸਤਨਾਮ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ, ਮਨਜੀਤ ਸਿੰਘ, ਕਰਨਦੀਪ ਸਿੰਘ, ਜਗਦੀਪ ਸਿੰਘ, ਜਸਕਰਨ ਸਿੰਘ ਆਦਿ ਨੇ ਵੀ ਸ. ਮਜੀਠੀਆ ਨੂੰ ਜਮਾਨਤ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ |
ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ-ਸੁਰਿੰਦਰਪਾਲ ਸਿੰਘ <br/>
ਅਜੀਤ ਡੈਸਕ
03-02-2026