ਅੰਮਿ੍ਤਸਰ, 4 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਹਰੀਸ਼ ਬੱਬਰ ਦੀ ਅਗਵਾਈ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਬੀ. ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਵਰਿੰਦਰ ਸਿੰਘ ਧਾਮੀ ਅਤੇ ਸੰਦੀਪ ਸਿੰਘ ਵਿਰਦੀ ਸਟੇਟ ਸੈਕਟਰੀ ਸ਼ਾਮਿਲ ਹੋਏ | ਇਸ ਮੌਕੇ ਹਰੀਸ਼ ਬੱਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਬੀ. ਸੀ. ਵਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੀਤੇ ਹੋਏ ਲੋਕ ਭਲਾਈ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਏਗਾ | ਬੱਬਰ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਜਿਸ ਦੇ ਚਲਦਿਆਂ ਹੀ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ | ਬੱਬਰ ਨੇ ਇਹ ਵੀ ਕਿਹਾ ਕਿ ਬੀ. ਸੀ. ਭਾਈਚਾਰੇ ਨੂੰ ਆਮ ਆਦਮੀ ਪਾਰਟੀ ਵਲੋਂ ਸੰਗਠਨ ਅਤੇ ਸਰਕਾਰ 'ਚ ਬਣਦਾ ਮਾਣ ਸਨਮਾਨ ਅਤੇ ਉੱਚ ਅਹੁਦੇ ਦਿੱਤੇ ਗਏ ਹਨ | ਇਸ ਮੌਕੇ ਉਨ੍ਹਾਂ ਤੋਂ ਇਲਾਵਾ ਮੁਖਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਵਰੁਣ ਰਾਣਾ ਮੀਡੀਆ ਸਕੱਤਰ ਮਾਝਾ ਜ਼ੋਨ, ਅਮਰਦੀਪ ਸਿੰਘ, ਹਰਬੰਸ ਸਿੰਘ, ਬਲਜਿੰਦਰ ਸਿੰਘ ਪਨੇਸਰ, ਵਿਜੇ ਸੁਲਤਾਨਾ, ਫਤਿਹ ਸਿੰਘ, ਅਮਰੀਕ ਸਿੰਘ, ਸਾਬਕਾ ਜ਼ਿਲ੍ਹਾ ਸੈਕਟਰੀ ਬਖਤਾਵਰ ਸਿੰਘ ਲੁਭਾਣਾ ਵੀ ਹਾਜ਼ਰ ਸਨ |