ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਘੋਸ਼ਿਤ ਕੀਤੀ 'ਮੇਰੀ ਰਸੋਈ' ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ | ਇਸ ਸੰਦਰਭ ਵਿਚ 'ਮੇਰੀ ਰਸੋਈ' ਯੋਜਨਾ ਤਹਿਤ ਤਿਮਾਹੀ ਆਧਾਰ 'ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿਚ ਸਹਾਇਕ ਸਾਬਤ ਹੋਣਗੀਆਂ | ਸ੍ਰੀ ਦੱਤ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿੱਲੋ ਦਾਲ, ਦੋ ਕਿੱਲੋ ਖੰਡ, ਇਕ ਕਿੱਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ | ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਯੋਜਨਾ ਦੀ ਲਾਗੂ ਅਮਲ ਪ੍ਰਕਿਰਿਆ 'ਤੇ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਹੈ |