ਸੁਲਤਾਨਵਿੰਡ, 25 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਪ੍ਰਵੇਸ਼ ਚੋਪੜਾ ਅਤੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਏ. ਐੱਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਹੇਠ, ਏ. ਐੱਸ. ਆਈ. ਦਿਲਬਾਗ ਸਿੰਘ, ਏ. ਐੱਸ. ਆਈ. ਬਿਕਰਮਜੀਤ ਸਿੰਘ, ਸਿਪਾਹੀ ਪਵਨਜੀਤ ਸਿੰਘ, ਹਰਮਨਜੋਤ ਸਿੰਘ ਅਤੇ ਹੌਲਦਾਰ ਗੁਰਜੰਟ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਤਰਨਤਾਰਨ ਰੋਡ ਸਥਿਤ ਵਧਾਵਾ ਸਿੰਘ ਨਗਰ ਵਿਖੇ ਵਾਹਨਾ ਅਤੇ ਗਸ਼ਤ ਦੌਰਾਨ ਇਕ ਨੌਜਵਾਨ ਜੋ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਜਿਸ ਨੂੰ ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਵਲੋਂ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਉਨ੍ਹ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ਰਨ ਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਪੰਡੋਰੀ ਰਣ ਸਿੰਘ ਪੁਲਿਸ ਥਾਣਾ ਝਬਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ |