ਅੰਮਿ੍ਤਸਰ, 26 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁੱਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ | ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਕੁੱਲ 6110 ਅਸਾਮੀਆਂ 'ਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ | ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਿਤ ਕੀਤੀ ਗਈ ਸੀ, ਜਿਸ 'ਚ ਹੁਣ ਵਾਧਾ ਕੀਤਾ ਗਿਆ ਹੈ | ਇਸ ਅਨੁਸਾਰ ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਸੰਬੰਧਿਤ ਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੀਆਂ ਹਨ | ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਵਲੋਂ ਇਨ੍ਹਾਂ ਅਸਾਮੀਆਂ ਲਈ ਪਹਿਲਾਂ ਹੀ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਤੋਂ ਅਰਜ਼ੀ ਦੇਣ ਦੀ ਲੋੜ ਨਹੀਂ |