ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਚੁਸਤ-ਦਰੁਸਤ ਕਰਨ ਅਤੇ ਸਰਹੱਦੀ ਖੇਤਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਵਲੋਂ ਦੇਰ ਰਾਤ ਥਾਣਾ ਅਜਨਾਲਾ ਤੋਂ ਇਲਾਵਾ ਸਰਹੱਦੀ ਖੇਤਰ 'ਚ ਲਗਾਏ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਇਆ ਗਿਆ | ਇਸ ਦੌਰਾਨ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੌਜੂਦ ਅਧਿਕਾਰੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ | ਇਸ ਮੌਕੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਸਰਹੱਦੀ ਖੇਤਰ ਅੰਦਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਖੇਤਰ 'ਚ 103 ਵੱਖ-ਵੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਅਤੇ ਬੀ.ਐਸ.ਐਫ ਦੇ ਸਹਿਯੋਗ ਨਾਲ ਸੈਕਿੰਡ ਲਾਈਨ ਆਫ ਡਿਫੈਂਸ 'ਤੇ 7 ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਸੀ ਜਿਸ ਵਿੱਚ ਪੰਜਾਬ ਪੁਲਿਸ ਦੇ 2 ਹੋਣਹਾਰ ਕਰਮਚਾਰੀ ਸ਼ਹੀਦ ਹੋ ਗਏ ਸਨ, ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਵੀ ਸਰਹੱਦੀ ਖੇਤਰ ਅੰਦਰ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀ.ਡੀ.ਸੀ. ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ, ਜਿਨਾਂ ਵਲੋਂ ਵੀ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਦਾ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਅੰਮਿ੍ਤਸਰ ਦਿਹਾਤੀ ਦੇ ਕਸਬਾ ਉਠੀਆਂ ਤੋਂ ਵੀ ਵੀ.ਡੀ.ਸੀ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ 43 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਸੀ | ਏ.ਡੀ.ਜੀ.ਪੀ ਨੇ ਦੱਸਿਆ ਕਿ ਗੁਆਂਡੀ ਮੁਲਕ ਪਾਕਿਸਤਾਨ ਤੋਂ ਡਰੋਨ ਦੀ ਹਲਚਲ ਨੂੰ ਰੋਕਣ ਲਈ ਬਾਜ ਅੱਖ ਤਹਿਤ ਸਰਹੱਦ 'ਤੇ ਤਿੱਖੀ ਨਜ਼ਰ ਬਣਾਈ ਹੋਈ ਹੈ ਤਿਆਰ ਕੀਤੇ ਗਏ ਵਿਸ਼ੇਸ਼ ਡਰੋਨ ਸਿਸਟਮ ਰਾਹੀਂ ਡਰੋਨਾ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ | ਇਸ ਮੌਕੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ ਸੁਹੇਲ ਮੀਰ ਕਾਸਿਮ, ਐਸ.ਪੀ ਹੈੱਡਕੁਆਰਟਰ ਤੇਜਬੀਰ ਸਿੰਘ, ਐਸ.ਪੀ ਗੁਰਜੀਤਪਾਲ ਸਿੰਘ, ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ, ਐਸ.ਐਚ.ਓ ਅਜਨਾਲਾ ਸਬ ਇੰਸਪੈਕਟਰ ਹਰਜੀਤ ਸਿੰਘ ਅਤੇ ਐਸ.ਐਚ.ਓ ਝੰਡੇਰ ਸਬ ਇੰਸਪੈਕਟਰ ਸਤਨਾਮ ਸਿੰਘ, ਸਰਪੰਚ ਜਸਜੀਤ ਸਿੰਘ ਬੱਬੂ ਸਮੇਤ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਮੌਜੂਦ ਸਨ |