ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਵੱਖ-ਵੱਖ ਪਾਬੰਧੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਰੋਸ ਰੈਲੀਆਂ, ਧਰਨੇ 'ਤੇ ਪਾਬੰਦੀ ਲਾਉਣ ਤੋਂ ਇਲਾਵਾ 5 ਜਾ ਅਧੀਕ ਬੰਦਿਆਂ ਦੇ ਇਕੱਠ ਹੋਣ 'ਤੇ ਵੀ ਪਾਬੰਧੀ ਦੇ ਹੁਕਮ ਜਾਰੀ ਕੀਤੇ ਹਨ | ਇਸ ਦੇ ਨਾਲ ਹੀ ਸੜਕਾਂ ਦੇ ਕੰਢੇ, ਪੁਲੀਆਂ, ਡਿਵਾਈਡਰ ਤੋੜਨ ਸਰਹੱਦ ਨੇੜੇ ਕਡਿੰਆਲੀ ਤਾਰ ਤੇ ਹਰਕਤ ਕਰਨ ਤੇ ਵਿਆਹ ਸਮਾਗਮਾਂ 'ਤੇ ਸ਼ੌਕੀਆਂ ਗੋਲੀ ਚਲਾਉਣ ਤੋਂ ਰੋਕਣ ਲਈ ਹਥਿਆਰ ਲਿਜ਼ਾਣ 'ਤੇ ਵੀ ਪਾਬੰਧੀ ਲਾ ਦਿੱਤੀ ਗਈ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐੱਨ.ਐੱਸ.ਐੱਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮਿ੍ਤਸਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ 'ਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ | ਦੂਜੇ ਹੁਕਮ 'ਚ ਪੁਲੀਆਂ ਅਤੇ ਸੜਕਾਂ 'ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ 'ਤੇ ਰਸਤਾ ਕੱਢਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ | ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ/ਮਹਿਕਮਿਆਂ ਵਲੋਂ ਫ਼ਸਲ ਦੀ ਕਟਾਈ ਸੰਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ 'ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ 'ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ 'ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਤੀਜੇ ਹੁਕਮ 'ਚ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6 ਤੋਂ ਸਵੇਰੇ 6 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ | ਆਖ਼ਰੀ ਅਤੇ ਚੌਥੇ ਹੁਕਮ 'ਚ ਉਨ੍ਹਾਂ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸੋਸ਼ਲ ਮੀਡੀਆ ਵਿਚ ਅਜਿਹੀ ਕਾਰਵਾਈ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਰਵਾਇਤ ਜਿਹੀ ਬਣ ਗਈ ਹੈ ਅਤੇ ਸੋਸ਼ਲ ਮੀਡੀਆ 'ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ | ਇਹ ਸਾਰੇ ਹੁਕਮ 6 ਮਈ ਤੱਕ ਲਾਗੂ ਰਹਿਣਗੇ |