ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਐਸ.ਜੀ.ਪੀ.ਸੀ. ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ 160 ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਡਿਗਰੀ ਹਾਸਲ ਕਰਨਾ ਵਿਦਿਆਰਥੀਆਂ ਦੇ ਜੀਵਨ ਦਾ ਇਕ ਅਹਿਮ ਪੜਾਅ ਹੈ, ਜੋ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੇ ਅਦਾਰੇ ਵਿਦਿਆਰਥੀਆਂ ਨੂੰ ਨਾ ਸਿਰਫ਼ ਉੱਚ ਪੱਧਰੀ ਗਿਆਨ ਪ੍ਰਦਾਨ ਕਰ ਰਹੇ ਹਨ, ਸਗੋਂ ਉਨ੍ਹਾਂ ਨੂੰ ਧਰਮ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਇਕ ਚੰਗਾ ਇਨਸਾਨ ਬਣਾਉਣ 'ਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ | ਇਸ ਤੋਂ ਪਹਿਲਾਂ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਵਲੋਂ ਕਾਲਜ ਦੀ ਸਲਾਨਾ ਗਤਿਵਿਧੀਆਂ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਰੁਪਿੰਦਰ ਸਿੰਘ ਪਿ੍ੰਸੀਪਲ ਸਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਡਾ. ਗੁਰਜੀਤ ਸਿੰਘ ਪਿ੍ੰਸੀਪਲ ਬਾਬਾ ਅਜੇ ਸਿੰਘ ਖਾਲਸਾ ਕਾਲਜ, ਪ੍ਰੋ ਜਤਿੰਦਰ ਕੌਰ ਕਾਲਜ ਰਜਿਸਟਰਾਰ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ |