ਅੰਮਿ੍ਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਅੰਮਿ੍ਤਸਰ ਨਾਰਥ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਦੇ ਥਾਣਿਆਂ 'ਤੇ ਲਗਾਤਾਰ ਗ੍ਰਨੇਡ ਹਮਲੇ ਹੋਏ, ਫਿਰ ਹੁਸ਼ਿਆਰਪੁਰ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਹੁਣ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਇਹ ਸਾਰੀਆਂ ਘਟਨਾਵਾਂ ਕਿਸੇ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਦਾ ਮਕਸਦ ਰਾਜ ਦੇ ਭਾਈਚਾਰੇ ਅਤੇ ਸ਼ਾਂਤੀ ਨੂੰ ਪ੍ਰਭਾਵਿਤ ਕਰਨਾ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨਾ ਹੈ | ਅਕਸ਼ੈ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਵਿਚ ਲਗਾਤਾਰ ਹੋ ਰਹੇ ਹਮਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਵਿਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਹੋ ਸਕੇ |