ਅੰਮਿ੍ਤਸਰ, 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ 'ਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ | ਬਰਾੜ ਨੇ ਕਿਹਾ ਕਿ ਪੰਜਾਬ ਦੇ ਲਗਭਗ 2.5 ਲੱਖ ਤੋਂ ਵੱਧ ਪਸ਼ੂ ਪਾਲਕ ਕਿਸਾਨਾਂ ਦੀ ਕਮਾਈ ਵਧਾਉਣ ਲਈ ਮਿਲਕਫੈਡ (ਵੇਰਕਾ) ਵਲੋਂ ਦੁੱਧ ਦੀ ਖਰੀਦ ਕੀਮਤ ਵਿਚ ਪ੍ਰਤੀ ਕਿਲੋਗ੍ਰਾਮ ਫੈਟ 10 ਤੋਂ 15 ਰੁਪਏ ਤੱਕ ਵਾਧਾ ਕੀਤਾ ਗਿਆ ਹੈ, ਜੋ ਕਿ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਵਾਧਾ 1 ਅਪ੍ਰੈਲ 2026 ਤੋਂ ਲਾਗੂ ਹੋ ਚੁੱਕਾ ਹੈ ਅਤੇ ਇਸ ਨਾਲ ਡੇਅਰੀ ਖੇਤਰ ਨੂੰ ਨਵੀਂ ਮਜ਼ਬੂਤੀ ਮਿਲੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ |