ਅੰਮਿ੍ਤਸਰ, 6 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀ ਵਰਗ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੋਰਟਲ ਉੱਪਰ ਜ਼ਿਲ੍ਹਾ ਅੰਮਿ੍ਤਸਰ ਨਾਲ ਸਬੰਧਿਤ 196 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿਚੋਂ 153 ਨੂੰ ਹੱਲ ਕਰ ਦਿੱਤਾ ਗਿਆ ਹੈ ਜਦਕਿ ਬਕਾਇਆ ਸ਼ਿਕਾਇਤਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਰਟਲ ਉੱਪਰ ਆਈ ਹਰ ਸ਼ਿਕਾਇਤ ਉੱਪਰ ਫੌਰੀ ਕਾਰਵਾਈ ਕਰਦੇ ਸਮਾਂ ਬੱਧ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਰਾਜ ਪੱਧਰ 'ਤੇ ਇਸ ਪੋਰਟਲ ਉੱਪਰ ਆਈਆਂ ਸ਼ਿਕਾਇਤਾਂ ਦਾ ਰੀਵਿਊ ਵੀ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ਾਰਾਂ 'ਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਦੇ ਨਾਲ ਹੀ ਬਜ਼ਾਰਾਂ ਵਿੱਚ ਪਬਲਿਕ ਟਾਇਲਟ, ਸਫ਼ਾਈ ਵਿਵਸਥਾ ਵੱਲ ਵੀ ਧਿਆਨ ਦੇਣ ਦੇ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ | ਮੀਟਿੰਗ ਦੌਰਾਨ ਵਪਾਰੀਆਂ ਵਲੋਂ ਹੋਰ ਵੀ ਮੁੱਦੇ ਉਠਾਏ ਗਏ ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਡਿਪਟੀ ਕਮਿਸ਼ਨਰ ਵਲੋਂ ਦਿੱਤਾ ਗਿਆ | ਇਸ ਮੌਕੇ ਵਧੀਕ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਜੈ ਇੰਦਰ ਸਿੰਘ, ਐੱਸ.ਡੀ.ਐੱਮ. ਅੰਮਿ੍ਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਸ੍ਰੀ ਅਸ਼ੋਕ ਕੁਮਾਰ, ਐੱਸ.ਡੀ.ਐੱਮ. ਜਸ਼ਨਪ੍ਰੀਤ ਸਿੰਘ, ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰ ਕਮਿਸ਼ਨ ਦੇ ਮੈਂਬਰ ਅਭਿਸ਼ੇਕ ਬਾਂਸਲ, ਵਨੀਤ ਅਨੇਜਾ, ਮਨਜੀਤ ਸਿੰਘ, ਸੰਜੀਵ ਕੁਮਾਰ, ਰੋਹਿਲ ਖੰਨਾ, ਰਮੇਸ਼ ਅਵਸਥੀ ਵੀ ਹਾਜ਼ਰ ਸਨ |
ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮਿ੍ਤਸਰ ਵਲੋਂ ਵਿਸ਼ੇਸ਼ ਮੀਟਿੰਗ <br/>
ਅਜੀਤ ਡੈਸਕ
07-04-2026