ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਹਾਈਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ 'ਚ ਦਿੱਤੇ ਗਏ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਅਨੁਸਾਰ 01-07-2023 ਤੋਂ ਹੁਣ ਤੱਕ ਲਾਗੂ ਹੋਣ ਵਾਲਾ ਡੀ. ਏ. ਜੋ ਲਗਭਗ 16 ਫੀਸਦੀ ਬਣਦਾ ਹੈ | ਇਹ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇ ਰਹੀ ਸੀ ਪਰ ਪੰਜਾਬ ਸਰਕਾਰ ਵਲੋਂ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਸੀ, ਹੁਣ ਦੇਣ ਲਈ ਰਾਹ ਸੁਗਮ ਹੋ ਗਿਆ ਹੈ | ਪ੍ਰਧਾਨ ਨਾਗਰਾ ਨੇ ਕਿਹਾ ਕਿ ਇਹ ਫ਼ੈਸਲਾ ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਹੈ ਅਤੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਚੱਲ ਰਹੇ ਹੱਕਾਂ ਨੂੰ ਨਿਆਂ ਮਿਲਿਆ ਹੈ | ਉਨ੍ਹਾਂ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਦਾਲਤ ਨੇ ਸੱਚਾਈ ਅਤੇ ਨਿਆਂ ਦੇ ਪੱਖ ਵਿੱਚ ਫ਼ੈਸਲਾ ਕਰਕੇ ਸਾਰੇ ਵਰਗਾਂ ਦਾ ਮਨੋਬਲ ਉੱਚਾ ਕੀਤਾ ਹੈ | ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਫ਼ੈਸਲੇ ਨੂੰ ਜਲਦੀ ਤੋਂ ਜਲਦੀ ਲਾਗੂ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਲਾਭ ਦਿੱਤਾ ਜਾਵੇ |