ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਦੂਜੀ ਪਾਤਿਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਖ਼ਾਲਸਾ ਕਾਲਜ ਕੈਂਪਸ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਗੁਰੂ ਚਰਨਾਂ 'ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਦੇਸ਼-ਵਿਦੇਸ਼ 'ਚ ਵੱਸਦੀ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ | ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ 'ਤੇ ਚਾਨਣਾ ਪਾਇਆ | ਇਸ ਮੌਕੇ 'ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਡੀਨ ਪ੍ਰੀਖਿਆਵਾਂ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪਿ੍ੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਤੇ ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ 'ਚ ਖ਼ਾਲਸਾ ਕਾਲਜਾਂ, ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ |