ਜੰਡਿਆਲਾ ਗੁਰੂ, 21 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਅਨੁਸਾਰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਵਾਸਤੇ ਵੱਖ-ਵੱਖ ਸੂਬਿਆਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਏ ਜਾਣ ਲਈ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮਿ੍ਤਸਰ ਵਿਚ ਆਈ.ਈ.ਸੀ ਗਤੀਵਿਧੀਆਂ ਅਧੀਨ ਮੁੱਖ ਖੇਤੀਬਾੜੀ ਅਫਸਰ ਡਾ. ਗੁਰਸਾਹਿਬ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਵਲੋਂ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀ ਪ੍ਰਥਾ ਕਾਰਨ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ | ਨਾੜ ਸਾੜਨ ਨਾਲ ਹਵਾ ਵਿਚ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ ਜੋ ਮਨੁੱਖੀ ਸਿਹਤ ਲਈ ਖਤਰਨਾਕ ਸਾਬਤ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਕਿਉਂਕਿ ਇਸ ਨਾਲ ਮਿੱਟੀ ਦੇ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ | ਉਹਨਾਂ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਖੇਤ ਵਿੱਚ ਹੀ ਮਿਲਾਉਣ, ਮਿੱਟੀ ਦੀ ਸਿਹਤ ਅਤੇ ਪੈਦਾਵਾਰ ਵਧਾਉਣ ਦਾ ਨਾਹਰਾ ਲਗਾਇਆ ਗਿਆ | ਇਸ ਕੈਂਪ ਵਿੱਚ ਸ਼ਾਮਲ ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ. ਗੁਰਦਿਆਲ ਸਿੰਘ ਬੱਲ ਵੱਲੋਂ ਮਿੱਟੀ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਵਾਸਤੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇਸ ਦੌਰਾਨ ਡਾ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਜੁਰਮਾਨੇ ਵੀ ਲਗਾਏ ਜਾ ਰਹੇ ਹਨ ਅਤੇ ਨਾਲ਼ ਹੀ ਕਿਸਾਨਾਂ ਨੂੰ ਕਣਕ ਦੇ ਨਾੜ ਦੀ ਸਾਂਭ-ਸੰਭਾਲ ਲਈ ਸਹਿਯੋਗ ਅਤੇ ਸਹੂਲਤਾਂ ਦੇਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ | ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਵਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਅਤੇ ਚੱਲ ਰਹੀਆਂ ਹੋਰ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਰਣਜੀਤ ਸਿੰਘ, ਬਲਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਬਲਕਾਰ ਸਿੰਘ, ਉਪਕਾਰ ਸਿੰਘ ਖੇਤੀਬਾੜੀ ਉਪ ਨਿਰੀਖਕ, ਅਰਵਿੰਦਰਪਾਲ ਸਿੰਘ ਬੀ.ਟੀ.ਐਮ, ਨਿਸ਼ਾਨ ਸਿੰਘ ਏ.ਟੀ.ਐਮ ਅਤੇ ਗੁਰਪ੍ਰੀਤ ਸਿੰਘ ਫੀਲਡ ਵਰਕਰ ਅਤੇ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |