ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟਿ੍ਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ 'ਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ 'ਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ 'ਚ 61 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਲਗਭਗ 57 ਲੱਖ ਮੀਟਿ੍ਕ ਟਨ ਦੀ ਖ਼ਰੀਦ ਹੋ ਚੁੱਕੀ ਹੈ, ਜਿਸ ਦੀ 24 ਘੰਟਿਆਂ ਦੇ ਦਰਮਿਆਨ ਕਿਸਾਨਾਂ ਦੇ ਖਾਤਿਆਂ 'ਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਅੱਜ ਅੰਮਿ੍ਤਸਰ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲ਼ੈਂਦੇ ਹੋਏ ਕਟਾਰੂਚੱਕ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ 'ਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਪ੍ਰਧਾਨ ਅਮਨਦੀਪ ਸਿੰਘ ਛੀਨਾ, ਚੇਅਰਮੈਨ ਬਲਜੀਤ ਸਿੰਘ ਰਿੰਕੂ ਆਦਿ ਹਾਜ਼ਰ ਸਨ | ਕੈਬਨਿਟ ਮੰਤਰੀ ਨੇ ਏਜੰਸੀਆਂ ਨੂੰ ਖ਼ਰੀਦੀ ਗਈ ਕਣਕ ਦੀ ਚੁਕਾਈ ਕਰਨ ਦੀਆਂ ਸਖਤ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ 'ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਅਲਕਾ ਕਾਲੀਆ, ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਹਰਵੀਨ ਕੌਰ, ਸੈਕਟਰੀ ਅਮਨਦੀਪ ਸਿੰਘ ਸੰਧੂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ |