ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਸਾਹਿਬ ਸਿੰਘ ਪੱਟੀ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ 'ਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ ਪੋਰਟਲ 'ਤੇ ਦਰਜ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 01 ਮਈ ਤੋਂ 15 ਜੂਨ 2026 ਤੱਕ ਕੀਤੀ ਜਾਵੇਗੀ | ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, 2026 ਤੱਕ ਕੀਤੀ ਜਾਵੇਗੀ |ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ 'ਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ |