ਅੰਮਿ੍ਤਸਰ, 8 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਕੋਈ ਵੀ ਕਾਨੂੰਨ ਗੁਰੂ ਪੰਥ ਤੇ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਸਵੀਕਾਰ ਨਹੀਂ ਕੀਤਾ ਜਾ ਸਕਦਾ | ਇਸ ਗੱਲ ਦਾ ਪ੍ਰਗਟਾਵਾ ਇੱਥੇ ਦਲ ਖ਼ਾਲਸਾ ਦੇ ਸਕੱਤਰ ਜਨਰਲ ਸ. ਕੰਵਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਬੇਅਦਬੀਆਂ ਦੀ ਰੋਕਥਾਮ ਲਈ ਬਣੇ ਕਾਨੂੰਨ 'ਤੇ ਅਕਾਲ ਤਖ਼ਤ ਸਾਹਿਬ ਦੇ ਸਖ਼ਤ ਇਤਰਾਜ਼ ਤੋਂ ਬਾਅਦ ਵੀ ਮੁੱਖ ਮੰਤਰੀ ਵਲੋਂ ਆਪਣੀ ਸ਼ੁਕਰਾਨਾ ਯਾਤਰਾ ਜਾਰੀ ਰੱਖਣ ਨੂੰ ਪੰਥ ਅਤੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਇਹ ਸ਼ੁਕਰਾਨਾ ਯਾਤਰਾ ਨਹੀਂ ਬਲਕਿ ਹੰਕਾਰ ਯਾਤਰਾ ਹੈ | ਉਨ੍ਹਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਦਿ੍ੜਤਾ ਨਾਲ ਇਹ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਸੰਬੰਧੀ ਕੋਈ ਵੀ ਕਾਨੂੰਨ ਗੁਰੂ ਪੰਥ ਤੇ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਸਵੀਕਾਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਅਹਿਮ ਮੁੱਦੇ 'ਤੇ ਉਨ੍ਹਾਂ ਦੀ ਜਥੇਬੰਦੀ ਜਥੇਦਾਰ ਦੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਅਕਾਲ ਤਖ਼ਤ ਦੀ ਪ੍ਰਵਾਨਗੀ ਮਿਲਣ ਤੱਕ ਉਕਤ ਸੋਧ ਐਕਟ 'ਤੇ ਤੁਰੰਤ ਰੋਕ ਲਗਾਉਣ |