ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਪੰਜਾਬ 'ਚ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ਲਈ ਹੋਣ ਜਾ ਰਹੀਆਂ ਚੋਣਾਂ ਦਾ ਸਵਾਗਤ ਕਰਦਿਆਂ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੇ ਸਰਗਰਮ ਆਗੂ ਆਪਣੇ ਇਲਾਕਿਆਂ ਵਿਚ ਇਹ ਸਥਾਨਕ ਚੋਣਾਂ ਲੜ ਕੇ ਜਿੱਤ ਦਰਜ ਕਰਨਗੇ | ਸਥਾਨਕ ਪਾਰਟੀ ਦਫ਼ਤਰ ਤੋਂ ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ ਦੁਆਰਾ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਸੀਨੀਅਰ ਆਗੂ ਆਪਣੇ ਆਪਣੇ ਇਲਾਕਿਆਂ ਵਿਚ ਹਮਖਿਆਲੀ ਪਾਰਟੀਆਂ ਨਾਲ ਸਮਝੌਤਾ ਕਰਕੇ ਸਰਕਾਰੀ ਤੰਤਰ ਦੀ ਧੱਕੇਸ਼ਾਹੀ ਦਾ ਡਟ ਕੇ ਜਵਾਬ ਦੇਣਗੇ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਭੈ ਰਹਿਤ ਹੋ ਕੇ ਆਪਣਾ ਮਤਦਾਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਇਕ ਰਾਜਨੀਤਿਕ ਪਾਰਟੀ ਹਾਂ ਅਤੇ ਚੋਣ ਪ੍ਰਕਿਰਿਆ ਦਾ ਹਿੱਸਾ ਬਣਨਾ ਹਰ ਰਾਜਨੀਤਿਕ ਪਾਰਟੀ ਲਈ ਜ਼ਰੂਰੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਪਾਰਟੀ ਦੀ ਹੋਣ ਜਾ ਰਹੀ ਇਕੱਤਰਤਾ ਵਿਚ ਵਿਚਾਰ ਕਰਕੇ ਅਗਲੀ ਰਣਨੀਤੀ ਬਣਾਈ ਜਾਵੇਗੀ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਲਵਾ ਬੈਲਟ, ਖਾਸ ਤੌਰ 'ਤੇ ਮੋਗਾ ਜ਼ਿਲ੍ਹੇ ਵਿਚ ਮੀਂਹ ਅਤੇ ਗੜ੍ਹੇਮਾਰੀ ਨਾਲ ਹੋਈ ਭਿਆਨਕ ਤਬਾਹੀ ਲਈ ਪਾਰਟੀ ਕਿਸਾਨ ਅਤੇ ਪੀੜ੍ਹਤ ਲੋਕਾਂ ਦੇ ਨਾਲ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫਸਲਾਂ ਅਤੇ ਹੋਰ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਲੰਮੇ ਸਮੇਂ ਤੋਂ ਮੌਸਮੀ ਤਬਦੀਲੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਵਿਚ ਬੇਮੌਸਮੀ ਬਰਸਾਤ, ਹੜ ਅਤੇ ਸੋਕਾ ਆਮ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਮਦਦ ਲਈ ਆਪਣੇ ਖਰਚੇ 'ਤੇ ਫਸਲੀ ਬੀਮਾ ਯੋਜਨਾ ਲਾਗੂ ਕਰਨੀ ਚਾਹੀਦੀ ਹੈ, ਤਾਂ ਕਿ ਘਾਟੇ ਵਿਚ ਚਲ ਰਹੀ ਖੇਤੀ ਨੂੰ ਮੌਸਮੀ ਮਾਰ ਤੋਂ ਬਚਾਇਆ ਜਾ ਸਕੇ |