ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ 'ਚ ਸਥਾਨਕ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ 'ਚ ਹੂੰਝਾ-ਫੇਰ ਜਿੱਤ ਦਰਜ ਕਰੇਗੀ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਜ਼ਿਲ੍ਹੇ 'ਚ ਜੰਡਿਆਲਾ, ਅਜਨਾਲਾ, ਰਈਆ ਅਤੇ ਬਾਬਾ ਬਕਾਲਾ ਵਿਖੇ ਵੀ ਸਥਾਨਕ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁੱਖੀ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ 'ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸੇ ਭਰੋਸੇ ਦੇ ਆਧਾਰ 'ਤੇ ਪਾਰਟੀ ਦੇ ਉਮੀਦਵਾਰ ਸ਼ਹਿਰਾਂ ਅਤੇ ਕਸਬਿਆਂ ਵਿਚ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਭਰੋਸਾ ਜਤਾਇਆ ਕਿ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿਚ ਵੋਟ ਪਾ ਕੇ ਸਥਾਨਕ ਸਰਕਾਰਾਂ ਵਿਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਸਮਰਥਨ ਦੇਣਗੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਮਾਨਦਾਰ ਕਾਰਗੁਜ਼ਾਰੀ ਅਤੇ ਲੋਕ-ਕੇਂਦਰਿਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਸਥਾਨਕ ਪੱਧਰ 'ਤੇ ਵੀ ਮਜ਼ਬੂਤ ਸਮਰਥਨ ਦੇਣ ਲਈ ਤਿਆਰ ਹਨ |