ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਇਕਾਈ ਵਲੋਂ ਦਿਨੋ ਦਿਨ ਵੱਧ ਰਹੀ ਮਹਿੰਗਾਈ ਤੇ ਪੰਜਾਬ ਦੀਆਂ ਜਨਤਕ ਸਮੱਸਿਆਵਾਂ ਨੂੰ ਲੈ ਕੇ ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਮੁਸ਼ਕਿਲ ਬਣਾ ਦਿੱਤਾ ਹੈ ਅਤੇ ਸਮਾਜ ਦਾ ਹਰ ਵਰਗ ਇਸ ਨਾਲ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਰੂਪੀ ਇਸ ਅੱਗ 'ਤੇ ਕਾਬੂ ਪਾਉਣ ਲਈ ਸਰਕਾਰ ਨੂੰ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਵਿਚ ਸੂਬੇ ਦੀਆਂ ਵੱਖ-ਵੱਖ ਜਨਤਕ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ 'ਆਪ' ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਰਹੀ ਹੈ ਅਤੇ ਉੱਚ ਪੱਧਰ 'ਤੇ ਹੋ ਰਹੇ ਭਿ੍ਸ਼ਟਾਚਾਰ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਸ. ਸੰਧੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪਾਰਟੀ ਵਲੋਂ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵਲੋਂ ਸੋਨੇ 'ਤੇ ਟੈਕਸ ਵਧਾਉਣ ਦੇ ਫੈਸਲੇ ਦੀ ਵੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸੋਨੇ 'ਤੇ ਟੈਕਸ ਵਾਧੇ ਕਾਰਨ ਮੱਧਵਰਗ ਅਤੇ ਗ਼ਰੀਬ ਪਰਿਵਾਰਾਂ ਉੱਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ | ਇਸ ਮੌਕੇ ਅਮਰੀਕ ਸਿੰਘ ਨੰਗਲ ਸ਼ਮਸ਼ੇਰ ਸਿੰਘ ਬਰਾੜ, ਹਰਮਨਦੀਪ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਕੋਟਲਾ, ਤਰਲੋਕ ਸਿੰਘ ਬਿੱਟਾ, ਬਲਜੀਤ ਸਿੰਘ ਬੁੱਟਰ, ਪਰਮਜੀਤ ਸਿੰਘ ਖਾਸਾ, ਬੀਬੀ ਸੁਖਮਨ ਕੌਰ, ਦਵਿੰਦਰ ਸਿੰਘ, ਰਵੀਸ਼ੇਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |