ਗੁਰੂ ਨਾਨਕ ਦੇਵ 'ਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੇਗਮਪੁਰੇ ਦਾ ਵਾਸੀ' ਨਾਟਕ ਦਾ ਮੰਚਨ ਕੱਲ੍ਹ <br/>
ਅਜੀਤ ਡੈਸਕ
24-05-2026
'ਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਨ੍ਹਾਂ ਸਮਾਗਮਾਂ ਦੀ ਲੜੀ ਵਿਚ ਯੂਨੀਵਰਸਿਟੀ ਵਲੋਂ ਵੱਖ-ਵੱਖ ਵਿਭਾਗਾਂ ਅਤੇ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਲਈ 'ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ' ਵਿਸ਼ੇ ਹੇਠ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੇ ਵਰਗ-ਰਹਿਤ ਅਤੇ ਸੁਖੀ ਸਮਾਜ ਦੇ ਸੁਪਨੇ ਨਾਲ ਜੋੜਨਾ ਸੀ | ਡੀਨ ਵਿਦਿਆਰਥੀ ਭਲਾਈ ਵਿਭਾਗ ਵਲੋਂ ਆਯੋਜਿਤ ਇਨ੍ਹਾਂ ਮੁਕਾਬਲਿਆਂ ਵਿਚ ਚੁਣੇ ਗਏ ਪੰਜ ਜੇਤੂਆਂ ਨੂੰ ਵਿਸ਼ੇਸ਼ ਸਮਾਰੋਹ ਦੌਰਾਨ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਉਪ ਕੁਲਪਤੀ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਚ 'ਬੇਗਮਪੁਰਾ ਸਹਰ ਕੋ ਨਾਉ' ਵਿਸ਼ੇ 'ਤੇ ਇਕ ਰਾਜ-ਪੱਧਰੀ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਵਿਦਵਾਨਾਂ ਅਤੇ ਵਿਸ਼ਾ ਮਾਹਿਰਾਂ ਤੋਂ ਇਲਾਵਾ ਵਿਸ਼ੇਸ਼ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ |
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਨਾਟਕ 'ਬੇਗਮਪੁਰੇ ਦਾ ਵਾਸੀ' ਦਾ 25 ਮਈ ਨੂੰ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਖੇ ਮੰਚਨ ਕਰਵਾਇਆ ਜਾ ਰਿਹਾ ਹੈ ਤੇ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨਾਮਵਰ ਨਾਟਕਕਾਰ ਸ਼੍ਰੀ ਕੇਵਲ ਧਾਲੀਵਾਲ ਹਨ | ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਸਮੁੱਚੇ ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਕੀਤੀ ਜਾਵੇਗੀ |