ਜੰਡਿਆਲਾ ਗੁਰੂ, 24 ਮਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਡੇ ਕਾਫਲੇ ਨਾਲ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵੱਖ-ਵੱਖ ਵਾਰਡਾਂ 'ਚ ਆਮ ਆਦਮੀ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਤੇ ਚੋਣ ਪ੍ਰਚਾਰ ਕੀਤਾ ਗਿਆ, ਜਿਸ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ ਦਿੰਦਿਆਂ ਭਾਰੀ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਦੀ ਜਨਤਾ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸਮੁਖੀ ਸੋਚ 'ਤੇ ਪੂਰਾ ਭਰੋਸਾ ਜਤਾਇਆ | ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵੱਡਾ ਸਾਥ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ 26 ਮਈ 2026 ਨੂੰ ਜੰਡਿਆਲਾ ਗੁਰੂ 'ਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਲੋਕ ਆਮ ਆਦਮੀ ਪਾਰਟੀ ਨਾਲ ਮਜ਼ਬੂਤੀ ਨਾਲ ਜੁੜ ਰਹੇ ਹਨ | ਜੰਡਿਆਲਾ ਗੁਰੂ ਦੇ ਹਰ ਵਾਰਡ ਵਿਚ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਪਿਆਰ ਤੇ ਸਮਰਥਨ ਇਹ ਸਾਬਤ ਕਰਦਾ ਹੈ ਕਿ ਸ਼ਹਿਰ ਵਾਸੀ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਨਵੀਂ ਸੋਚ ਨੂੰ ਤਰਜੀਹ ਦੇ ਰਹੇ ਹਨ | ਇਸ ਮੌਕੇ ਸਾਰੇ ਉਮੀਦਵਾਰਾਂ ਨੇ ਵੀ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ |