ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦੇ ਹੋਏ ਉਸਨੂੰ ਮਹਿੰਗਾਈ ਲਈ ਜ਼ਿੰਮੇਵਾਰ ਠਹਿਰਾਇਆ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਲੋਕਾਂ ਦੇ ਖ਼ਿਲਾਫ਼ ਹਨ ਅਤੇ ਪਿਛਲੇ ਕੁਝ ਦਿਨਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ | ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਤੇਲ ਦੀਆਂ ਕੀਮਤਾਂ ਹੋਰ ਵਧਣਗੀਆਂ ਅਤੇ ਹੁਣ ਇਹ ਗੱਲ ਸੱਚ ਸਾਬਤ ਹੋ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰਕ ਨੀਤੀਆਂ ਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੇ ਫ਼ੈਸਲਿਆਂ ਦਾ ਖ਼ਮਿਆਜ਼ਾ ਦੇਸ਼ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਐੱਮ. ਐੱਸ. ਪੀ. 'ਚ ਨਿਗੁਣਾ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਖੇਤੀਬਾੜੀ ਦੀ ਲਾਗਤ ਹੋਰ ਵਧੇਗੀ | ਉਨ੍ਹਾਂ ਕਿਹਾ ਕਿ ਮਹਿੰਗੇ ਤੇਲ ਦਾ ਸਿੱਧਾ ਅਸਰ ਸਬਜ਼ੀਆਂ, ਰੋਜ਼ਾਨਾ ਵਰਤੋਂ ਦੀਆਂ ਵਸਤਾਂ ਅਤੇ ਆਵਾਜਾਈ ਦੇ ਖ਼ਰਚਿਆਂ 'ਤੇ ਪਵੇਗਾ, ਜਿਸ ਨਾਲ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਜੀਵਨ ਹੋਰ ਮੁਸ਼ਕਲ ਹੋ ਜਾਵੇਗਾ | ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਧਾਲੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ ਅਤੇ ਵਧਦੀ ਮਹਿੰਗਾਈ ਦੇ ਖ਼ਿਲਾਫ਼ ਵੋਟ ਰਾਹੀਂ ਜਵਾਬ ਦੇਣ | ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ 'ਤੇ ਵਾਧੂ ਬੋਝ ਪੈ ਰਿਹਾ ਹੈ | ਮਜੀਠਾ ਵਿਖੇ ਏ. ਐੱਸ. ਆਈ. ਕਤਲ ਮਾਮਲੇ 'ਚ 'ਚ ਪੁੱਛੇ ਗਏ ਸਵਾਲ 'ਤੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਸਮਰੱਥ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਨੇ ਪੰਜਾਬ 'ਚ ਗਵਰਨਰ ਰਾਜ ਲਗਾਉਣ ਦੀ ਮੰਗ ਨੂੰ ਵੀ ਰੱਦ ਕਰਦਿਆਂ ਕਿਹਾ ਕਿ ਸਰਕਾਰ ਹਰ ਤਰ੍ਹਾਂ ਦੇ ਅਪਰਾਧ ਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ |