ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ 18 ਫ਼ੀਸਦੀ ਮਹਿੰਗਾਈ ਭੱਤਾ ਘੱਟ ਲੈ ਰਹੇ ਹਨ ਜਦੋਂ ਕਿ ਕੇਂਦਰ ਅਤੇ ਹਰਿਆਣਾ ਦੇ ਮੁਲਾਜ਼ਮ 60 ਫ਼ੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਅਤੇ ਪੰਜਾਬ ਦੇ ਮੁਲਾਜ਼ਮਾਂ ਨੂੰ 4 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਬਾਰ ਬਾਰ ਸੂਬਾ ਸਰਕਾਰ ਤੋਂ ਮਹਿੰਗਾਈ ਭੱਤੇ ਦੀ ਮੰਗ ਕਰਨ ਉਪਰੰਤ ਵੀ ਸੂਬਾ ਸਰਕਾਰ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਹੀਂ ਦਿੱਤੀਆਂ, ਜਿਸ 'ਤੇ ਮੁਲਾਜ਼ਮਾਂ ਨੇ ਸਰਕਾਰ ਤੋਂ ਤੰਗ ਆ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ | ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣਾ ਬਣਦਾ ਹੱਕ ਮਹਿੰਗਾਈ ਭੱਤਾ ਲੈਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕਰਨਾ ਪਵੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਮਹਿੰਗਾਈ ਭੱਤਾ ਨਾ ਦੇ ਕੇ ਆਪਣੇ ਆਪ ਨੂੰ ਮੁਲਾਜ਼ਮ ਵਿਰੋਧੀ ਸਿੱਧ ਕੀਤਾ ਹੈ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹੋਏ ਤੁਰੰਤ ਬਣਦਾ 18 ਫੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ |