ਅੰਮਿ੍ਤਸਰ, 27 ਮਈ (ਰੇਸ਼ਮ ਸਿੰਘ)-ਹਿਤੇਸ਼ ਵੀਰ ਗੁਪਤਾ ਖੇਤਰੀ ਟਰਾਂਸਪੋਰਟ ਅਫ਼ਸਰ ਨੇ ਕਿਹਾ ਹੈ ਕਿ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਸਕੂਲਾਂ ਤੇ ਟਰਾਂਸਪੋਰਟ ਆਪਰੇਟਰਾਂ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ | ਆਰ.ਟੀ.ਓ. ਸ੍ਰੀ ਗੁਪਤਾ ਨੇ ਕਿਹਾ ਕਿ ਸਾਰੇ ਸਕੂਲ ਪ੍ਰਬੰਧਕਾਂ, ਸਕੂਲ ਬੱਸ ਠੇਕੇਦਾਰਾਂ ਅਤੇ ਆਪਰੇਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲੀ ਬੱਚਿਆਂ ਨੂੰ ਲਿਜਾਣ ਵਾਲਾ ਹਰ ਵਾਹਨ ਸੇਫ਼ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਦੀਆਂ ਸਾਰੀਆਂ ਸ਼ਰਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇ | ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸੁਰੱਖਿਅਤ, ਅਧਿਕਾਰਤ ਅਤੇ ਸਾਰੇ ਨਿਯਮਾਂ ਅਨੁਸਾਰ ਹੋਣ | ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧ ਜਿਵੇਂ ਕਿ ਵੈਧ ਪਰਮਿਟ, ਫਿਟਨੈੱਸ ਸਰਟੀਫਿਕੇਟ, ਸਪੀਡ ਗਵਰਨਰ, ਸੀ. ਸੀ. ਟੀ. ਵੀ. ਕੈਮਰੇ, ਜੀ. ਪੀ. ਐੱਸ. ਸਿਸਟਮ, ਅੱਗ ਬੁਝਾਉਣ ਵਾਲੇ ਯੰਤਰ, ਫਰਸਟ ਏਡ ਸੁਵਿਧਾਵਾਂ ਅਤੇ ਹੋਰ ਨਿਰਧਾਰਤ ਸੁਰੱਖਿਆ ਉਪਕਰਣ ਯਕੀਨੀ ਬਣਾਏ ਜਾਣ |