ਚੋਗਾਵਾਂ, 28 ਮਈ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਕਪੂਰ ਸਿੰਘ ਸੜਕ ਵਾਲਾ ਲੋਪੋਕੇ ਵਿਖੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਬਾਬਾ ਜਰਨੈਲ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ | ਇਹ ਨਗਰ ਕੀਰਤਨ ਗੁ: ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ |