ਅੰਮਿ੍ਤਸਰ, 31 ਮਈ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ 'ਚ 65 ਹਜਾਰ ਤੋਂ ਵੱਧ ਗਰੁੱਪ ਸੀ ਅਤੇ ਡੀ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਸੁਰੱਖਿਆ, ਸਰਕਾਰੀ ਲਾਭ ਅਤੇ ਬਿਹਤਰ ਭਵਿੱਖ ਦੀ ਉਮੀਦ ਪ੍ਰਦਾਨ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਕਰਮਚਾਰੀਆਂ ਲਈ ਇਕ ਵੱਡੀ ਰਾਹਤ ਹੈ ਜੋ ਲੰਬੇ ਸਮੇਂ ਤੋਂ ਅਸਥਾਈ ਆਧਾਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਹਜ਼ਾਰਾਂ ਬਾਹਰੀ ਸਾਧਨਾ ਰਹੀ ਨੌਕਰੀ ਕਰ ਰਹੇ ਕਰਮਚਾਰੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਜੋ ਸਾਲਾਂ ਤੋਂ ਸਿਹਤ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾ ਨਿਭਾਅ ਰਹੇ ਹਨ | ਇਹ ਕਰਮਚਾਰੀ ਹਸਪਤਾਲਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਸੰਸਥਾਵਾਂ ਵਿਚ ਨਿਯਮਤ ਕਰਮਚਾਰੀਆਂ ਵਾਂਗ ਕੰਮ ਕਰਦੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਨੌਕਰੀ ਸੁਰੱਖਿਆ ਮਿਲਦੀ ਹੈ ਅਤੇ ਨਾ ਹੀ ਬਰਾਬਰ ਲਾਭ | 'ਆਊਟਸੋਰਸਿੰਗ' ਪ੍ਰਣਾਲੀਆਂ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜੇਕਰ ਉਹ ਏਜੰਸੀਆਂ ਬਦਲਦੇ ਹਨ ਤਾਂ ਉਨ੍ਹਾਂ ਦੀਆਂ ਨੌਕਰੀਆਂ ਗੁਆਚਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਨੂੰ ਅਕਸਰ ਦੇਰੀ ਨਾਲ ਤਨਖ਼ਾਹਾਂ, ਸਮਾਜਿਕ ਸੁਰੱਖਿਆ ਸਕੀਮਾਂ ਦੇ ਪੂਰੇ ਲਾਭਾਂ ਦੀ ਘਾਟ ਅਤੇ ਸੀਮਤ ਅਧਿਕਾਰਾਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਦੇ ਬਾਵਜੂਦ, ਇਹ ਕਰਮਚਾਰੀ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਕੰਮ ਕਰਨ ਵਾਲੇ ਆਊਟਸੋਰਸ ਕਰਮਚਾਰੀਆਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਇਕ ਮਹੱਤਵਪੂਰਨ ਭੂਮਿਕਾ ਨਿਭਾਈ | ਔਖੇ ਹਾਲਾਤਾਂ ਵਿਚ ਵੀ, ਉਨ੍ਹਾਂ ਨੇ ਮਰੀਜ਼ਾਂ ਦੀ ਸੇਵਾ ਕੀਤੀ ਅਤੇ ਸਿਹਤ ਸੇਵਾਵਾਂ ਦੇ ਸੁਚਾਰੂ ਕੰਮਕਾਜ ਵਿਚ ਯੋਗਦਾਨ ਪਾਇਆ | ਇਹ ਕਰਮਚਾਰੀ ਅਜੇ ਵੀ ਸਥਾਈ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ | ਜਿੱਥੇ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਉੱਥੇ ਆਊਟਸੋਰਸ ਮੁਲਾਜ਼ਮਾਂ ਲਈ ਵੀ ਇੱਕ ਠੋਸ ਨੀਤੀ ਬਣਾਈ ਜਾਣੀ ਚਾਹੀਦੀ ਹੈ |