ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਤਲਵੰਡੀ ਮਾਣਕ ਦੇ ਵਾਸੀ ਅਧਿਆਪਕ ਤੇ ਆਪਣੇ ਜਮਾਤੀ ਜਗਦੀਪ ਸਿੰਘ ਦੇ ਬੀਤੇ ਦਿਨ, ਦਿਨ ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਸਕੱਤਰੇਤ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਇਕ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ | ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸ਼ਖ਼ਸੀਅਤ ਸੀ | ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ | ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਬਿਨਾਂ ਦੇਰੀ ਜਗਦੀਪ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਕੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦੁਆਵੇ | ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲ ਰਹੀ ਹੈ ਕਿ ਪੁਲਿਸ ਵਲੋਂ ਜਗਦੀਪ ਸਿੰਘ ਦੀ ਮੌਤ ਦੇ ਮਾਮਲੇ ਵਿਚ ਜਾਂਚ ਵਿਚ ਬਹੁਤ ਢਿੱਲਮੱਠ ਵਰਤੀ ਜਾ ਰਹੀ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪੁਲਿਸ ਤੁਰੰਤ ਪ੍ਰਭਾਵ ਨਾਲ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ |