ਅੰਮਿ੍ਤਸਰ, 2 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ ਅੰਤਰਰਾਸ਼ਟਰੀ ਅਕਾਦਮਿਕ ਪਹੁੰਚ ਨੂੰ ਹੋਰ ਮਜ਼ਬੂਤ ਕਰਦਿਆਂ ਅਮਰੀਕਾ ਦੀ ਪ੍ਰਸਿੱਧ ਯੂਨੀਵਰਸਿਟੀ ਆਫ ਮੈਰੀਲੈਂਡ ਨਾਲ ਇਕ ਮਹੱਤਵਪੂਰਨ ਸਮਝੌਤਾ (ਐੱਮ. ਓ. ਯੂ.) ਕੀਤਾ ਹੈ | ਇਸ ਭਾਈਵਾਲੀ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਅਕਾਦਮਿਕ ਵਿਕਾਸ ਪ੍ਰਤੀ ਵਚਨਬੱਧਤਾ ਦਾ ਨਤੀਜਾ ਮੰਨਿਆ ਜਾ ਰਿਹਾ ਹੈ | ਪ੍ਰੋ. ਕਰਮਜੀਤ ਸਿੰਘ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਨੇ ਸਿੱਖਿਆ, ਖੋਜ ਅਤੇ ਅੰਤਰਰਾਸ਼ਟਰੀ ਸਹਿਯੋਗ ਦੇ ਖੇਤਰਾਂ ਵਿਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ | ਇਸ ਸਮਝੌਤੇ ਤਹਿਤ ਯੂਨੀਵਰਸਿਟੀ ਆਫ ਮੈਰੀਲੈਂਡ ਅਤੇ ਵਿਕਸਿਤ ਅੰਮਿ੍ਤਸਰ ਦੇ ਸਹਿਯੋਗ ਨਾਲ 'ਏ.ਆਈ. ਫਾਰ ਦ ਫਿਊਚਰ' ਪਹਿਲ ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿਚ ਉੱਚ ਪੱਧਰੀ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਆਧੁਨਿਕ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਸਿਰਫ਼ ਮੌਜੂਦਾ ਰੁਜ਼ਗਾਰ ਮੌਕਿਆਂ ਲਈ ਹੀ ਨਹੀਂ, ਸਗੋਂ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਅਤੇ ਸੰਭਾਵਨਾਵਾਂ ਲਈ ਵੀ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ | ਇਸ ਪ੍ਰੋਗਰਾਮ ਲਈ ਯੂਨੀਵਰਸਿਟੀ ਭਰ ਤੋਂ 300 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ | ਯੂਨੀਵਰਸਿਟੀ ਆਫ ਮੈਰੀਲੈਂਡ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਚੋਣ ਪ੍ਰਕਿਰਿਆ ਤੋਂ ਬਾਅਦ 157 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ, ਜਿਨ੍ਹਾਂ ਵਿਚੋਂ 30 ਵਿਦਿਆਰਥੀਆਂ ਦੀ ਵਿਸ਼ੇਸ਼ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਚੋਣ ਕੀਤੀ ਗਈ | ਸਮਾਗਮ ਦੌਰਾਨ ਵਿਕਸਿਤ ਅੰਮਿ੍ਤਸਰ ਦੇ ਬੋਰਡ ਮੈਂਬਰ ਅਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਯੂਨੀਵਰਸਿਟੀ ਆਫ਼ ਮੈਰੀਲੈਂਡ ਦੇ ਪ੍ਰਤੀਨਿਧੀ ਅਮਿਤਾਭ ਵਰਸ਼ਨੇ, ਵਿਕਸਿਤ ਅੰਮਿ੍ਤਸਰ ਦੇ ਬੋਰਡ ਮੈਂਬਰ ਪ੍ਰੀਤ ਟੱਖਰ ਅਤੇ ਅਮਰੀਕਾ ਦੇ ਮੈਰੀਲੈਂਡ ਰਾਜ ਦੇ ਸਿੱਖਿਆ ਸਕੱਤਰ ਸੰਜੇ ਰਾਏ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ ਤੇ ਪ੍ਰੋ. ਸੰਦੀਪ ਸ਼ਰਮਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |