ਅੰਮਿ੍ਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮੈਂਬਰ, ਰਾਮਗੜ੍ਹੀਆ ਵੈੱਲਫੇਅਰ ਬੋਰਡ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾ ਕੇ ਇਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਦੌਰਾਨ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਡਿੱਗਦਾ ਪੱਧਰ ਸੀ | ਮਾਨ ਸਰਕਾਰ ਨੇ ਇਸ ਗੰਭੀਰ ਚੁਣੌਤੀ ਨੂੰ ਸਮਝਦਿਆਂ ਨਹਿਰੀ ਪ੍ਰਣਾਲੀ ਨੂੰ ਮੁੜ ਜੀਵੰਤ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਉਪਲਬੱਧਤਾ ਵਧਣ ਨਾਲ ਟਿਊਬਵੈੱਲਾਂ ਉੱਤੇ ਨਿਰਭਰਤਾ ਘਟੀ ਹੈ, ਜਿਸ ਨਾਲ ਨਾ ਸਿਰਫ਼ ਬਿਜਲੀ ਦੀ ਬਚਤ ਹੋਈ ਹੈ, ਸਗੋਂ ਧਰਤੀ ਹੇਠਲੇ ਪਾਣੀ ਦੀ ਲੁੱਟ ਵੀ ਰੁਕੀ ਹੈ | ਇਕ ਸਮਾਂ ਸੀ ਜਦੋਂ ਪੰਜਾਬ ਦੇ ਕਈ ਖੇਤਰਾਂ ਵਿਚ ਪਾਣੀ ਦਾ ਪੱਧਰ 500 ਤੋਂ 600 ਫੁੱਟ ਤੱਕ ਹੇਠਾਂ ਚਲਾ ਗਿਆ ਸੀ ਅਤੇ ਬਹੁਤ ਸਾਰੇ ਇਲਾਕੇ ਡਾਰਕ ਜ਼ੋਨ ਘੋਸ਼ਿਤ ਹੋ ਚੁੱਕੇ ਸਨ | ਮਠਾੜੂ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਦੇ ਲਗਭਗ 58 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲ ਰਹੀ ਹੈ | ਇਸ ਨਾਲ ਕਿਸਾਨਾਂ ਦੀ ਸਿੰਚਾਈ ਦੀ ਲਾਗਤ ਘਟੀ ਹੈ, ਫਸਲਾਂ ਦੀ ਉਤਪਾਦਕਤਾ ਵਿਚ ਵਾਧਾ ਹੋਇਆ ਹੈ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਮਜ਼ਬੂਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਦਾ ਵੱਡਾ ਲਾਭ ਮਿਲ ਰਿਹਾ ਹੈ | ਅੰਤ ਵਿਚ ਮਠਾੜੂ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ, ਕਿਸਾਨੀ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਸੰਭਾਲ ਕਰਨ ਦੇ ਮਕਸਦ ਨਾਲ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ |