ਅੰਮਿਤਸਰ, 12 ਜੂਨ (ਹਰਮਿੰਦਰ ਸਿੰਘ)-ਏ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਆਈ. ਏ. ਐੱਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਪੀ. ਸੀ. ਐੱਸ. ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿਖੇ ਮਜੀਠਾ ਰੋਡ ਅਤੇ ਬੱਲ ਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ਉੱਪਰ ਬਣ ਰਹੀਆਂ 5 ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬੱਲ ਕਲਾਂ, ਪੰਡੋਰੀ ਵੜੈਚ ਅਤੇ ਬੱਲ ਖੁਰਦ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਇਆ ਗਿਆ ਸੀ ਪਰ ਉਕਤ ਕਾਲੋਨੀਆਂ ਦੇ ਮਾਲਕਾਂ ਵਲੋਂ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਾਲੋਨੀਆਂ ਸੰਬੰਧੀ ਸਪੱਸ਼ਟੀਕਰਨ ਦੇਣ ਦੀ ਜਗ੍ਹਾ ਮੌਕੇ ‘ਤੇ ਵਿਕਾਸ ਕਾਰਜ਼ਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਥਾਣਾ ਕੰਬੋਅ ਵਲੋਂ ਪੁਲਿਸ ਫੋਰਸ ਨਾ ਮਿਲਣ ਦੇ ਬਾਵਜੂਦ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਤੋਂ ਇਲਾਵਾ ਪਿੰਡ ਬੱਲ ਖੁਰਦ ਵਿਖੇ ਬਣ ਰਹੀ ਅਣ-ਅਧਿਕਾਰਤ ਕਾਲੋਨੀ ਨੂੰ ਵਿਭਾਗ ਵਲੋਂ ਨੋਟਿਸ ਜਾਰੀ ਕਰਦੇ ਹੋਏ ਕਈ ਵਾਰ ਉਸਾਰੀ ਦਾ ਕੰਮ ਰੋਕਿਆ ਗਿਆ ਸੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਾਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਏ. ਡੀ. ਏ. ਦੇ ਰੈਗੂਲੇਟਰੀ ਵਿੰਗ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗ਼ੈਰ-ਕਾਨੂੰਨੀ ਕਾਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰਸ਼ੁਦਾ ਨਹੀਂ ਹਨ, ‘ਚ ਪੈਂਦੇ ਪਲਾਟਾਂ ਦੀ ਵਿਕਰੀ ਸੰਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਾਲੋਨੀ ਸੰਬੰਧੀ ਪੁੱਡਾ ਵਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ।