ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸਰਪ੍ਰਸਤ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਾਵਨ ਹਦੂਦ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਕ ਵਿਅਕਤੀ ਵਲੋਂ ਮੁੜ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਬਹੁਤ ਵੱਡੀ ਸਾਜਿਸ਼ ਦਾ ਸੰਕੇਤ ਹੈ ਤੇ ਇਸ ਘਟਨਾ ਨੇ ਸਿੱਖ ਕੌਮ ਦੇ ਮਨਾਂ ਅੰਦਰ ਡੂੰਘੀ ਚਿੰਤਾ ਅਤੇ ਰੋਸ ਪੈਦਾ ਕੀਤਾ ਹੈ। ਜਾਰੀ ਬਿਆਨ ਵਿਚ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਹ ਘਟਨਾ ਕੋਈ ਆਮ ਅਪਰਾਧ ਨਹੀਂ, ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ, ਗੁਰੂ ਸਾਹਿਬ ਦੀ ਮਾਣ-ਮਰਿਆਦਾ ਅਤੇ ਪੰਜਾਬ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਨਿਸ਼ਾਨਾ ਬਣਾਉਣ ਵਾਲੀ ਗੰਭੀਰ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀਆਂ ਬੇਅਦਬੀਆਂ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਵਾਪਰੀਆਂ ਗੰਭੀਰ ਘਟਨਾਵਾਂ ਤੋਂ ਬਾਅਦ ਅੱਜ ਤੱਕ ਕਿਸੇ ਵੀ ਸਰਕਾਰ ਨੇ ਕੌਮ ਨੂੰ ਇਹ ਨਹੀਂ ਦੱਸਿਆ ਕਿ ਇਨ੍ਹਾਂ ਪਿੱਛੇ ਅਸਲ ਤਾਕਤਾਂ ਕੌਣ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਸਿਰਫ਼ ਘਟਨਾ ਤੋਂ ਬਾਅਦ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨਾ ਨਹੀਂ, ਸਗੋਂ ਕੌਮ ਨੂੰ ਪੂਰਾ ਸੱਚ ਦੱਸਣਾ ਵੀ ਹੈ, ਜਿਸ ਵਿਚ ਉਹ ਅਸਫ਼ਲ ਰਹਿ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ, ਸਤਿਕਾਰ ਅਤੇ ਪਵਿੱਤਰਤਾ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਕੌਮ ਵਿਰੁੱਧ ਰਚੀਆਂ ਜਾ ਰਹੀਆਂ ਅਜਿਹੀਆਂ ਸਾਜਿਸ਼ਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।