ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ੴਣਾ ਸੁਲਤਾਨਵਿੰਡ ਦੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਸੁਲਤਾਨਵਿੰਡ ਵਿਖੇ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬੰਟੀ, ਪੁੱਤਰ ਕਰਨੈਲ ਸਿੰਘ, ਵਾਸੀ ਪੱਤੀ ਸ਼ਾਹੂ ਦੀ (ਪਿੰਡ ਸੁਲਤਾਨਵਿੰਡ) ਵਜੋਂ ਹੋਈ ਹੈ। ਪੁਲਿਸ ਨੇ ਉਸ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਕ ਹੋਰ ਅਹਿਮ ਕਾਰਵਾਈ ਵਿਚ ਏ.ਐੱਸ.ਆਈ. ਗੁਰਿੰਦਰਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਭੀਦੀਪ ਸਿੰਘ ਪੁੱਤਰ ਰਜਨੀਤ ਸਿੰਘ (ਵਾਸੀ ਗੋਕੁਲ ਮੁਹੱਲਾ, ਤਰਨਤਾਰਨ) ਅਤੇ ਜੋਬਨਦੀਪ ਸਿੰਘ ਪੁੱਤਰ ਕਰਨਜੀਤ ਸਿੰਘ (ਵਾਸੀ ਮੁਹੱਲਾ ਮੁਰਾਦਪੁਰ, ਤਰਨਤਾਰਨ) ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ਼ ਵੀ ਥਾਣਾ ਸੁਲਤਾਨਵਿੰਡ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਖ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦੇ ਸਪਲਾਈ ਚੇਨ ਅਤੇ ਅਸਲ ਸਰੋਤਾਂ ਤੱਕ ਪਹੁੰਚ ਕੀਤੀ ਜਾ ਸਕੇ।
ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਕਾਬੂ
ਅਜੀਤ ਡੈਸਕ
19-06-2026