ਛੇਹਰਟਾ, 21 ਜੂਨ (ਪੱਤਰ ਪ੍ਰੇਰਕ)-ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜ਼ਰ ਭਾਈ ਹਰਿੰਦਰ ਸਿੰਘ ਬੇਗੇਵਾਲ ਨੇ ਦੱਸਿਆ ਕਿ ਛੇਵੇਂ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਮਨਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਮਿਤੀ 29 ਤੇ 30 ਜੂਨ ਨੂੰ ਗੁਰਦੁਆਰਾ ਜਨਮ ਅਸਥਾਨ ਨਗਰ ਗੁਰੂ ਕੀ ਵਡਾਲੀ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜੋੜ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਸਥਾਨ ਗੁਰੂ ਕੀ ਵਡਾਲੀ ਵਿਖੇ 28, 29 ਤੇ 30 ਜੂਨ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਸਾਲਾਨਾ ਜੋੜ ਮੇਲੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ ਤੇ ਸਾਲਾਨਾ ਜੋੜ ਮੇਲੇ ਦੀਆਂ ਦੀਆਂ ਤਿਆਰੀਆਂ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸੇਵਾਦਾਰਾਂ ਤੇ ਸੇਵਾ ਸੁਸਾਇਟੀਆਂ ਦੇ ਮੈਂਬਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜਾਂ ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਰਿਹਾਇਸ਼ ਤੇ ਗੁਰੂ ਕੇ ਲੰਗਰ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲਾਨਾ ਜੋੜ ਮੇਲੇ ਸੰਬੰਧੀ 28 ਜੂਨ ਨੂੰ ਗੁਰਦੁਆਰਾ ਜਨਮ ਸਥਾਨ ਗੁਰੂ ਕੀ ਵਡਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 30 ਜੂਨ ਨੂੰ ਸਵੇਰੇ ਪੈਣਗੇ, 28 ਜੂਨ ਐਤਵਾਰ ਸ਼ਾਮ ਨੂੰ ਸੰਗਤਾਂ ਨੂੰ ਧਾਰਮਿਕ ਫਿਲਮਾਂ ਵਿਖਾਈ ਜਾਵੇਗੀ ਤੇ ਸਾਲਾਨਾ ਜੋੜ ਮੇਲੇ 29 ਜੂਨ ਦਿਨ ਸੋਮਵਾਰ ਸ਼ਾਮ ਨੂੰ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਦੀਵਾਨ ਆਰੰਭ ਹੋਣਗੇ ਜੋ 30 ਜੂਨ ਦਿਨ ਮੰਗਲਵਾਰ ਦੀ ਸ਼ਾਮ ਤੱਕ ਲਗਾਤਾਰ ਦੋ ਦਿਨ ਚਲਣਗੇ, ਧਾਰਮਿਕ ਦੀਵਾਨਾਂ ਦੌਰਾਨ ਪੰਥ ਦੇ ਨਾਮਵਰ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਤੇ ਧਾਰਮਿਕ ਦੀਵਾਨਾਂ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇ: ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਭਾਈ ਰਜਿੰਦਰ ਸਿੰਘ ਮਹਿਤਾ, ਜੋਧ ਸਿੰਘ ਸਮਰਾ, ਬੀਬੀ ਬਲਵਿੰਦਰ ਕੌਰ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ ( ਸਾਰੇ ਸ਼੍ਰੋਮਣੀ ਕਮੇਟੀ ਮੈਂਬਰ) ਆਦਿ ਨਤਮਸਤਕ ਹੋਣਗੇ ਤੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਅਕਾਊਟੈਂਟ ਸਰਬਜੀਤ ਸਿੰਘ ਭਿੱਟੇਵੱਡ, ਵਰਿੰਦਰ ਸਿੰਘ ਰਿਕਾਰਡ ਕੀਪਰ, ਕਸ਼ਮੀਰ ਸਿੰਘ ਮਾਹਵਾ, ਦਲਬੀਰ ਸਿੰਘ ਗ੍ਰੰਥੀ ਗੁਰਦੁਆਰਾ ਜਨਮ ਅਸਥਾਨ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਲਾਨਾ ਜੋੜ ਮੇਲਾ ਮੇਲਾ 30 ਜੂਨ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ
ਅਜੀਤ ਡੈਸਕ
22-06-2026