ਅੰਮ੍ਰਿਤਸਰ, 22 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਦੀ ਸਰਪ੍ਰਸਤੀ ਤੇ ਪ੍ਰੋ. (ਡਾ.) ਸਰੋਜ ਅਰੋੜਾ (ਡੀਨ, ਸੀ. ਡੀ. ਸੀ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਇਸ ਵਾਰ ਇਹ ਵਿਸ਼ੇਸ਼ ਯੋਗਾ ਕੈਂਪ ਪ੍ਰਸਿੱਧ ਸੰਸਥਾ ‘ਈਸ਼ਾ ਫਾਊਂਡੇਸ਼ਨ’ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਦੀ ਅਗਵਾਈ ਵਿੱਚ ਹੋਈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਰੋਜ਼ਾਨਾ ਜ਼ਿੰਦਗੀ ਵਿਚ ਯੋਗਾ ਦੇ ਮਹੱਤਵ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰਕ ਤੰਦਰੁਸਤੀ, ਬਲਕਿ ਮਾਨਸਿਕ ਸ਼ਾਂਤੀ ਲਈ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਈਸ਼ਾ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਿਸਟਰ ਵਿਰਾਟ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੇ ਮੌਜੂਦ ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਾਂ ਨੂੰ ਵੱਖ-ਵੱਖ ਆਸਣਾਂ, ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦਾ ਅਭਿਆਸ ਕਰਵਾਇਆ। ਉਨ੍ਹਾਂ ਨੇ ਤਣਾਅ ਮੁਕਤ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਕਈ ਅਹਿਮ ਨੁਕਤੇ ਸਾਂਝੇ ਕੀਤੇ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਐਨ.ਐਸ.ਐਸ. ਵਿਭਾਗ ਦੇ ਕੋਆਰਡੀਨੇਟਰ ਡਾ. ਮਨਜੀਤ ਕੌਰ ਵਲੋਂ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਕਾਲਜ ਦੇ ਸਟਾਫ਼ ਮੈਂਬਰ ਮਿਸਿਜ਼ ਪੁਨੀਤ ਰੰਧਾਵਾ, ਡਾ. ਨਿਸ਼ਾ ਛਾਬੜਾ ਅਤੇ ਡਾ. ਰੁਪਿੰਦਰ ਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੇ ਅਖ਼ੀਰ ’ਚ ਐੱਨ.ਐੱਸ.ਐੱਸ. ਵਿਭਾਗ ਦੇ ਕੋਆਰਡੀਨੇਟਰ ਡਾ. ਜਤਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ, ਪ੍ਰਿੰਸੀਪਲ ਸਾਹਿਬ ਅਤੇ ਸਮੂਹ ਸਟਾਫ਼ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।
ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅਜੀਤ ਡੈਸਕ
23-06-2026