ਅੰਮ੍ਰਿਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਨਵੀਆਂ ਸਕੀਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਕਲਾਸਾਂ ਅਤੇ ਸ਼ੁਰੂਆਤੀ ਪੜਾਅ ਵਿਚ ਦੋ ਰੁਜ਼ਗਾਰਮੁਖੀ ਕੋਰਸ ਨੌਜਵਾਨਾਂ ਲਈ ਇਕ ਸੁਨਹਿਰੀ ਮੌਕਾ ਸਾਬਤ ਹੋਣਗੇ। ਇਸ ਨਾਲ ਨੌਜਵਾਨਾਂ ਨੂੰ ਹੁਨਰ ਸਿੱਖਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਰਸਤੇ ਮਿਲਣਗੇ। ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਰੁਜ਼ਗਾਰ ਨਾਲ ਜੋੜਨਾ ਵੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ‘ਚ ਆਰਥਿਕ ਤੌਰ ‘ਤੇ ਮਜ਼ਬੂਤ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੋਰਸਾਂ ਨਾਲ ਰੁਜ਼ਗਾਰ ਦੇ ਬਿਹਤਰ ਮੌਕੇ ਮਿਲ ਸਕਦੇ ਹਨ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਹੋਰ ਸੁਨਿਹਰਾ ਬਣੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਸਮਾਜ ਦੇ ਪਿੱਛੜੇ ਵਰਗਾਂ ਨੂੰ ਅੱਗੇ ਲਿਆਉਣ ਲਈ ਨੀਤੀਆਂ ਬਣਾਈਆਂ ਹਨ ਅਤੇ ਇਹ ਯੋਜਨਾ ਵੀ ਉਸੇ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਗੁਰਪ੍ਰਤਾਪ ਸਿੰਘ ਸੰਧੂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ ਅਤੇ ਸਰਕਾਰ ਵਲੋਂ ਦਿੱਤੇ ਜਾ ਰਹੇ ਇਸ ਮੌਕੇ ਨੂੰ ਆਪਣੇ ਭਵਿੱਖ ਦੀ ਮਜ਼ਬੂਤੀ ਲਈ ਵਰਤਣ।